ਸਰਬਜੀਤ ਸਿੰਘ ਭੱਟੀ
ਲਾਲੜੂ, 31 ਮਾਰਚ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੀ ਨਵੀਂ ਦਾਣਾ ਮੰਡੀ ਦਾ ਦੌਰਾ ਕਰਦਿਆਂ 1 ਅਪਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ। ਇਸ ਮੌਕੇ ਐੱਸਡੀਐੱਮ ਡੇਰਾਬਸੀ ਸਵਾਤੀ ਟਿਵਾਣਾ ਵੀ ਉਨ੍ਹਾ ਨਾਲ ਸਨ। ਸ੍ਰੀ ਰੰਧਾਵਾ ਨੇ ਪ੍ਰਸ਼ਾਸਨ, ਮਾਰਕੀਟ ਕਮੇਟੀ ਤੇ ਖਰੀਦ ਏਂਜੰਸੀਆਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਵੀ ਕੀਤੀ ਅਤੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਮੰਡੀਆਂ ਵਿੱਚ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਦੇ ਬੈਠਣ ਲਈ ਟੈਂਟ, ਪੀਣ ਲਈ ਪਾਣੀ, ਲਾਈਟਾਂ, ਬਾਰਦਾਨੇ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਵਚਨਬੱਧ ਹੈ। ਇਸ ਮੌਕੇ ਮਾਰਕਫੈੱਡ ਦੇ ਮੈਨੇਜਰ ਗੁਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ
ਮੁਹਾਲੀ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਅਤੇ ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਈ ਵਾਰ ਫਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਸਮੇਂ ਸਿਰ ਨਹੀਂ ਹੁੰਦਾ ਅਤੇ ਇਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਮੁਸ਼ਕਲਾਂ ਦੇ ਮੱਦੇਨਜ਼ਰ ਸਬ ਡਵੀਜ਼ਨ ਮੁਹਾਲੀ ਵਿੱਚ ਭਾਗੋਮਾਜਰਾ, ਬਨੂੜ, ਸਨੇਟਾ, ਖਰੜ, ਦਾਊਂ ਮਾਜਰਾ, ਖ਼ਿਜ਼ਰਾਬਾਦ, ਕੁਰਾਲੀ, ਰੁੜਕੀ, ਡੇਰਾਬੱਸੀ, ਲਾਲੜੂ, ਸਮਗੌਲੀ, ਜੜੌਤ, ਅਮਲਾਲਾ, ਟਿਵਾਣਾ ਤੇ ਤਸਿੰਬਲੀ ਮੰਡੀ ਲਈ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਿਹੜੇ ਰੋਜ਼ਾਨਾ ਮੰਡੀ ਵਿੱਚੋਂ ਕਣਕ ਦੀ ਸਰਕਾਰੀ ਖ਼ਰੀਦ ਸਮੇਤ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਲਈ ਬਣਦੀ ਕਰਵਾਈ ਉਪਰੰਤ ਰਿਪੋਰਟ ਸਬੰਧਤ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ।