ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਅਕਤੂਬਰ
ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਲਾਂਡਰਾਂ ਨੇੜੇ ਭਾਗੋਮਾਜਰਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਸਿੱਧੀ ਗੱਲ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਕੋਲੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋਂ ਖਰੀਦੀ ਫਸਲ ਸਬੰਧੀ ਲੋੜੀਂਦੇ ਵੇਰਵੇ ਤੁਰੰਤ ਅਨਾਜ ਖ਼ਰੀਦ ਪੋਰਟਲ ਉੱਤੇ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਝੋਨੇ ਦੇ ਪੈਸਿਆਂ ਦੀ ਅਦਾਇਗੀ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਸਤਵੀਰ ਸਿੰਘ ਮਾਵੀ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ‘ਆਪ’ ਆਗੂ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ ਹਾਜ਼ਰ ਸਨ।
ਡਾ. ਚਰਨਜੀਤ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਮੋਰਿੰਡਾ ( ਪੱਤਰ ਪ੍ਰੇਰਕ): ਇੱਥੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦੇਗੀ। ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਰ ਦਿੱਤੀ ਜਾਵੇਗੀ।