ਮਿਹਰ ਸਿੰਘ
ਕੁਰਾਲੀ, 13 ਮਾਰਚ
ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਰੜ ਤੋਂ ਵੱਡੀ ਜਿੱਤ ਦਰਜ ਕਰਨ ਵਾਲੀ ‘ਆਪ’ ਆਗੂ ਅਨਮੋਲ ਗਗਨ ਮਾਨ ਲਈ ਵਿਧਾਇਕ ਦਾ ਸਫ਼ਰ ਸੌਖਾ ਨਹੀਂ ਹੋਵੇਗਾ। ਹਲਕਾ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਇਕ ਵੱਡੀ ਚੁਣੌਤੀ ਹੋਵੇਗੀ।
ਬਲਾਕ ਮਾਜਰੀ ਦੇ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਬਹੁਤ ਵੱਡਾ ਮਸਲਾ ਹੈ। ਮਾਈਨਿੰਗ ਮਾਫੀਆ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਕਰੱਸ਼ਰਾਂ ਨੇ ਘਾੜ ਇਲਾਕੇ ਦੀ ਕੁਦਰਤੀ ਸੁੰਦਰਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸੇ ਤਰ੍ਹਾਂ ਕੁਰਾਲੀ ਦੇ ਹਸਪਤਾਲ ਨੂੰ ਅੱਪਗ੍ਰੇਡ ਕਰਨਾ, ਟਰੌਮਾ ਸੈਂਟਰ ਸਥਾਪਤ ਕਰਨਾ, ਸ਼ਹਿਰ ਵਿੱਚ ਬੱਸ ਅੱਡੇ ਦੀ ਅਣਹੋਂਦ, ਕਜੌਲੀ ਵਾਟਰ ਵਰਕਸ ਤੋਂ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਸਮੇਤ ਕਈ ਮਸਲੇ ਹੱਲ ਹੋਣ ਦੀ ਉਡੀਕ ਵਿੱਚ ਹਨ। ਸ਼ਹਿਰ ਵਿੱਚ ਲੜਕਿਆਂ ਦੀ ਪੜ੍ਹਾਈ ਲਈ ਪੰਜਵੀਂ ਜਮਾਤ ਤੋਂ ਬਾਅਦ ਕੋਈ ਸਰਕਾਰੀ ਸਕੂਲ ਤੇ ਉਚੇਰੀ ਸਿੱਖਿਆ ਲਈ ਕੋਈ ਸਰਕਾਰੀ ਕਾਲਜ ਦੀ ਸਹੂਲਤ ਨਹੀਂ ਹੈ। ਘਾੜ ਖੇਤਰ ਵਿੱਚ ਸਿੰਜਾਈ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਦਸਮੇਸ਼ ਨਹਿਰ ਦਾ ਮੁੱਦਾ ਵੀ ਲਟਕਦਾ ਆ ਰਿਹਾ ਹੈ। ਪਿਛਲੇ ਦੋ ਦਹਾਕਿਆਂ ਦੌਰਾਨ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੀਆਂ ਸਰਕਾਰਾਂ ਨੇ ਰਾਜ ਕੀਤਾ ਹੈ ਪਰ ਦੋਵੇਂ ਸਰਕਾਰਾਂ ਸਮੇਂ ਇਹ ਮਸਲੇ ਲਕਟਦੇ ਹੀ ਰਹੇ ਹਨ। ਹੁਣ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਨੂੰ ਹਲਕਾ ਵਾਸੀ ਨਵੇਂ ਇਨਕਲਾਬ ਵਜੋਂ ਦੇਖ ਰਹੇ ਹਨ। ਲੋਕਾਂ ਦੀਆਂ ਉਮੀਦਾਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਤੋਂ ਬਹੁਤ ਵਧ ਗਈਆਂ ਹਨ।
ਖਮਾਣੋਂ (ਜਗਜੀਤ ਕੁਮਾਰ): ਭਾਜਪਾ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਦੀਪਕ ਰਾਜੂ ਅਤੇ ਗੁਰਦੀਪ ਸਿੰਘ ਅਮਰਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਖਮਾਣੋਂ ਵਿੱਚ ਹੋਈ ਤੇ ਚਾਰ ਸੂਬਿਆਂ ਵਿਚ ਭਾਜਪਾ ਦੀ ਜਿੱਤ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਾਂਗੀ: ਬੀਬਾ ਮਾਨ
ਵਿਧਾਇਕਾ ਅਨਮੋਲ ਗਗਨ ਮਾਨ ਨੇ ਜਿੱਤ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਉਮੀਦਾਂ ਨਾਲ ਲੋਕਾਂ ਨੇ ਉਨ੍ਹਾਂ ਨੂੰ ਅਤੇ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਉਹ ਉਨ੍ਹਾਂ ਉਮੀਦਾਂ ’ਤੇ ਖਰਾ ਉਤਰੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।