ਦਰਸ਼ਨ ਸਿੰਘ ਸੋਢੀ
ਮੁਹਾਲੀ, 22 ਜੂਨ
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਮੰਗਾਂ ਲਈ ਲੜੀਵਾਰ ਧਰਨਾ ਜਾਰੀ ਹੈ। ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਅੱਜ ਆਮ ਆਦਮੀ ਪਾਰਟੀ (ਆਪ) ਨੇ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਜੈ ਕਿਸ਼ਨ ਰੋੜੀ, ਸੀਨੀਅਰ ਆਗੂ ਵਿਨੀਤ ਵਰਮਾ, ਡਾ. ਚਿਰਾਗਦੀਪ ਸਿੰਘ ਸਨੀ ਆਹਲੂਵਾਲੀਆ ਅਤੇ ਹੋਰ ਆਗੂ ਅੱਜ ਅਧਿਆਪਕਾਂ ਨਾਲ ਧਰਨੇ ’ਤੇ ਬੈਠੇ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸੇ ਦੌਰਾਨ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ, ਗਗਨਦੀਪ ਕੌਰ ਅਤੇ ਜਸਵੰਤ ਪੰਨੂ ਨੇ ਐੱਸਐੱਸਪੀ ਸਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੁਲੀਸ ਮੁਖੀ ਨੂੰ ਭਰੋਸਾ ਦਿੱਤਾ ਕਿ ਉਹ ਮੰਗਾਂ ਦੀ ਪੂਰਤੀ ਤੱਕ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰਨਗੇ। ਇਸ ਮੌਕੇ ਐੱਸਐੱਸਪੀ ਨੇ ਕੱਚੇ ਅਧਿਆਪਕਾਂ ਦੀ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸਾਢੇ 12 ਵਜੇ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਰੋੜਾ, ਕੈਪਟਨ ਸੰਦੀਪ ਸੰਧੂ ਅਤੇ ਕ੍ਰਿਸ਼ਨ ਕੁਮਾਰ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ। ਇਹ ਦੂਜੀ ਮੀਟਿੰਗ ਹੈ। ਇਸ ਤੋਂ ਪਹਿਲਾਂ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ।