ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 4 ਅਪਰੈਲ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇਸ਼ ਨੂੰ ਅੰਬਾਨੀਆਂ-ਅਡਾਨੀਆਂ ਕੋਲ ਗਹਿਣੇ ਰੱਖ ਦਿੱਤਾ ਹੈ, ਜਿਸ ਕਾਰਨ ਉਹ ਨਿੱਤ ਦਿਨ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਮਨਮਰਜ਼ੀ ਦਾ ਵਾਧਾ ਕਰ ਰਹੇ ਹਨ। ਉਹ ਅੱਜ ਇੱਥੋਂ ਦੇ ਫੇਜ਼ ਸੱਤ ਦੀਆਂ ਲਾਈਟਾਂ ਨੇੜੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਧਰਨੇ ਵਿੱਚ ਕੌਂਸਲਰਾਂ ਅਤੇ ਸਰਪੰਚਾਂ ਨੇ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ।
ਸਿੱਧੂ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਉੱਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਧੰਨਵਾਦੀ ਦੌਰਿਆਂ ’ਤੇ ਆ ਰਹੇ ‘ਆਪ’ ਆਗੂਆਂ ਨੂੰ ਕੇਜਰੀਵਾਲ ਦੀਆਂ ਗਾਰੰਟੀਆਂ ਸਬੰਧੀ ਸਵਾਲ ਕਰਨ। ਉਨ੍ਹਾਂ ਕਿਹਾ ਕਿ ਉਹ ਪਹਿਲੀ ਮਈ ਤੋਂ ਖੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਕੋਲੋਂ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਸਬੰਧੀ ਜਾਣਕਾਰੀ ਲੈਣਗੇ। ਉਨ੍ਹਾਂ ਮੁਹਾਲੀ ਹਲਕੇ ਵਿੱਚ ਕਾਂਗਰਸੀ ਸਮਰਥਕਾਂ ਉੱਤੇ ਝੂਠੇ ਪਰਚੇ ਦਰਜ ਦਾ ਦੋਸ਼ ਲਾਉਂਦਿਆਂ ਅਫ਼ਸਰਾਂ ਦੇ ਘਿਰਾਓ ਦੀ ਚਿਤਾਵਨੀ ਵੀ ਦਿੱਤੀ। ਕਾਂਗਰਸੀ ਵਰਕਰਾਂ ਨੇ ਗੈਸ ਸਿਲੰਡਰਾਂ ’ਤੇ ਹਾਰ ਪਾ ਕੇ ਸੜਕ ’ਤੇ ਰੱਖੇ ਹੋਏ ਸਨ ਤੇ ਮਹਿੰਗਾਈ ਤੇ ਮੋਦੀ ਖ਼ਿਲਾਫ਼ ਪੋਸਟਰ ਹੱਥਾਂ ਵਿੱਚ ਚੁੱਕੇ ਹੋਏ ਸਨ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਵਿੱਚ ਐਡਵੋਕੇਟ ਦੀਪਇੰਦਰ ਸਿੰਘ ਢਿਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਸ਼ੂ ਸੂਦ): ਪੈਟਰੋਲ, ਡੀਜ਼ਲ, ਰਸੋਈ ਗੈਸ, ਸੀ.ਐੱਨ.ਜੀ. ਤੇ ਰਾਸ਼ਨ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੇ ਡੀਸੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤ ਜੌਹਲ ਨੂੰ ਰਾਸ਼ਟਰਪਤੀ ਦੇ ਨਾਮ ਦਾ ਮੰਗ ਪੱਤਰ ਦਿੱਤਾ ਗਿਆ। ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ। ਜੀਪੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਕੀਮਤਾਂ ਘੱਟ ਨਾ ਕੀਤੀਆ ਤਾਂ ਕਾਂਗਰਸ ਪਾਰਟੀ ਕੇਂਦਰ ਸਰਕਾਰ ਖਿਲਾਫ ਵੱਡਾ ਸੰਘਰਸ਼ ਵਿੱਢੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਬਿੱਟੂ, ਹਰਬੰਸ ਸਿੰਘ ਪੰਧੇਰ ਆਦਿ ਹਾਜ਼ਰ ਸਨ।