ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 20 ਅਗਸਤ
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਸਬੰਧੀ ਪੰਜਾਬ ਤੇ ਹਰਿਆਣਾ ਵਿੱਚ ਆਪਸੀ ਸਹਿਮਤੀ ਬਣ ਗਈ ਹੈ। ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਰਮਿਆਨ ਅਹਿਮ ਮੀਟਿੰਗ ਹੋਈ। ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਆਪਸੀ ਸਹਿਮਤੀ ਪ੍ਰਗਟਾਉਣ ਲਈ ਪੰਜਾਬ ਤੇ ਹਰਿਆਣਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਬਹੁਤ ਦੇਰੀ ਨਾਲ ਫ਼ੈਸਲਾ ਲਿਆ ਗਿਆ ਹੈ ਪਰ ਦੋਵੇਂ ਸੂਬੇ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਰੈਵੇਨਿਊ ਰਿਕਾਰਡ ਵਿੱਚ ਵੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਮੁਹਾਲੀ ਬੋਲਦਾ ਹੈ। ਅਕਾਲੀ ਸਰਕਾਰ ਸਮੇਂ ਮੁਹਾਲੀ ਨੇੜਲੇ ਪਿੰਡ ਝਿਊਰਹੇੜੀ ਦੀ 306 ਏਕੜ ਜ਼ਮੀਨ ਐਕੁਵਾਇਰ ਕਰਕੇ ਹਵਾਈ ਅੱਡੇ ਦਾ ਨਿਰਮਾਣ ਕੀਤਾ ਸੀ। ਕੁਝ ਜ਼ਮੀਨ ਹੋਰਾਂ ਨੇੜਲੇ ਪਿੰਡਾਂ ਦੀ ਵੀ ਐਕੁਵਾਇਰ ਕੀਤੀ ਗਈ ਸੀ। ਦੱਸ ਦੇਈਏ ਕਿ ਪੰਥਕ ਵਿਚਾਰ ਮੰਚ, ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਸਮੇਤ ਹੋਰਾਂ ਸੰਸਥਾਵਾਂ ਨੇ ਵੀ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਰੱਖਣ ਦਾ ਸੁਝਾਅ ਵੀ ਦਿੱਤਾ ਸੀ।
ਜਲਦ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ: ਕੁਲਵੰਤ ਸਿੰਘ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਧਰਤੀ ਨੂੰ ਚੁੰਮ ਕੇ ਚੁੱਕੀ ਸੀ ਅਤੇ ‘ਆਪ’ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਆਪਸੀ ਸਹਿਮਤੀ ਪ੍ਰਗਟਾਉਣ ਲਈ ਪੰਜਾਬ ਤੇ ਹਰਿਆਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਹਿਮ ਕਾਰਜ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸਪੱਖੀ ਨੀਤੀਆਂ ਸਦਕਾ ਨੇਪਰੇ ਚੜ੍ਹਿਆ ਹੈ, ਜਦੋਂਕਿ ਇਸ ਤੋਂ ਪਹਿਲਾਂ ਕਿਸੇ ਮੁੱਖ ਮੰਤਰੀ ਨੇ ਇਸ ਦਿਸ਼ਾ ਵਿੱਚ ਕੋਈ ਠੋਸ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਲਈ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਨੇੜਲੇ ਭਵਿੱਖ ਵਿੱਚ ਜਲਦੀ ਇੱਥੋਂ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ।