ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 31 ਦਸੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ 800 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਮੁਹਾਲੀ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ।
ਉਨ੍ਹਾਂ ਨੇ ਸੈਕਟਰ-77 ਵਿੱਚ 150 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅੰਤਰਰਾਜੀ ਬੱਸ ਅੱਡੇ, ਸੈਕਟਰ-78 ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਤ ਆਸਾ ਰਾਮ ਬੈਦਵਾਨ ਆਡੀਟੋਰੀਅਮ ਅਤੇ ਸੈਕਟਰ-83 ਵਿੱਚ 145 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁਹਾਲੀ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ‘ਸਿਟੀ ਬੱਸ ਸਰਵਿਸ’ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਦਾ ਨਿਰਮਾਣ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਏਅਰਪੋਰਟ ਸੜਕ ’ਤੇ 14 ਏਕੜ ਵਿੱਚ ਸ਼ਹਿਰ ਦੇ ਕੇਂਦਰੀ ਸਥਾਨ ਉੱਤੇ ਅੰਤਰਰਾਜੀ ਬੱਸ ਅੱਡਾ ਬਣਨ ਮਗਰੋਂ ਮੁਸਾਫ਼ਰਾਂ ਨੂੰ ਚੰਡੀਗੜ੍ਹ ਦੇ ਸੈਕਟਰ-43 ਸਥਿਤ ਬੱਸ ਅੱਡੇ ਅਤੇ ਚੰਡੀਗੜ੍ਹ ਤੋਂ ਵਾਇਆ ਮੁਹਾਲੀ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਜਾਣ ਵਿੱਚ ਸੌਖ ਹੋਵੇਗੀ। ਉਨ੍ਹਾਂ ਨੇ ਮੁਹਾਲੀ ਨਗਰ ਨਿਗਮ ਦਾ ਘੇਰਾ ਤਿੰਨ ਕਿੱਲੋਮੀਟਰ ਤੱਕ ਵਧਾਉਣ ਦਾ ਐਲਾਨ ਵੀ ਕੀਤਾ। ਬ੍ਰਹਮ ਮਹਿੰਦਰਾ ਨੇ ਪਿੰਡ ਸੀਂਹਪੁਰ ਵਿੱਚ 375 ਕਰੋੜ ਰੁਪਏ ਨਾਲ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦੇ ਪਹਿਲੇ ਪੜਾਅ ਦਾ ਉਦਘਾਟਨ ਵੀ ਕੀਤਾ ਤੇ ਦੂਜੇ ਪੜਾਅ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।
ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਹਿਰੀ ਪਾਣੀ ਸ਼ਹਿਰ ਵਾਸੀਆਂ ਦੀ 20 ਸਾਲ ਤੱਕ ਪਾਣੀ ਦੀ ਲੋੜ ਪੂਰਾ ਕਰੇਗਾ। ਗਮਾਡਾ ਵੱਲੋਂ 80 ਐੱਮਜੀਡੀ ਸਮਰੱਥਾ ਦੀ ਪਾਣੀ ਦੀ ਪਾਈਪਲਾਈਨ 200 ਕਰੋੜ ਦੀ ਲਾਗਤ ਉੱਤੇ ਭਾਖੜਾ ਮੇਨ ਲਾਈਨ ਕਜੋਲੀ ਤੋਂ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸੈਕਟਰ-78 ਵਿੱਚ ਭਗਤ ਆਸਾ ਰਾਮ ਬੈਦਵਾਨ ਆਡੀਟੋਰੀਅਮ ਵਿੱਚ ਉੱਘੇ ਨਾਟਕਕਾਰ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਦੇ ਨਾਮ ਉੱਤੇ ਹਾਲ ਉਸਾਰਿਆ ਜਾਵੇਗਾ ਤਾਂ ਜੋ ਨਵੇਂ ਉੱਭਰਦੇ ਨਾਟ ਰੰਗਕਰਮੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਹੁਨਰ ਨੂੰ ਤਰਾਸ਼ ਸਕਣ। ਇਸ ਤੋਂ ਪਹਿਲਾਂ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਹੋਰ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਸ਼ਹਿਰ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐੱਸਐੱਸਪੀ ਨਵਜੋਤ ਸਿੰਘ ਮਾਹਲ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰਿਸ਼ਵ ਜੈਨ ਸਣੇ ਨਗਰ ਨਿਗਮ ਦੇ ਨੁਮਾਇੰਦੇ ਤੇ ਅਧਿਕਾਰੀ ਹਾਜ਼ਰ ਸਨ।