ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਜੁਲਾਈ
ਮੁਹਾਲੀ ਨਗਰ ਨਿਗਮ ’ਤੇ ਕਾਬਜ਼ ਧਿਰ ਦੇ ਕੌਂਸਲਰਾਂ ਨੇ ਭਾਜਪਾ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਆਪਣਾ ਸਮਰਥਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਮੇਅਰ ਕੁਝ ਦਿਨਾਂ ਦੀ ਛੁੱਟੀ ਕੱਟਣ ਤੋਂ ਬਾਅਦ ਅੱਜ ਦਫ਼ਤਰ ਆਏ ਸਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਦੌਰਾਨ ਕੌਂਸਲਰ ਸੁੱਚਾ ਸਿੰਘ ਕਲੌੜ, ਪਰਮਜੀਤ ਸਿੰਘ ਹੈਪੀ, ਕਮਲਪ੍ਰੀਤ ਸਿੰਘ ਬਨੀ, ਜਸਬੀਰ ਸਿੰਘ ਮਣਕੂ, ਨੰਬਰਦਾਰ ਨਛੱਤਰ ਸਿੰਘ, ਅਸ਼ੋਕ ਕੌਂਡਲ, ਹਰਦਿਆਲ ਬੜਬੜ, ਗੁਰਸਾਹਿਬ ਸਿੰਘ, ਲਖਵੀਰ ਸਿੰਘ, ਅਨੂ ਪਿੰਕਾ ਅਤੇ ਹੋਰ ਕੌਂਸਲਰਾਂ ਅਤੇ ਆਗੂਆਂ ਨੇ ਆਪੋ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ। ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਵਾਸੀਆਂ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਜੀਤੀ ਸਿੱਧੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਹ ਸੁਪਨਾ ਲੈਣਾ ਭੁੱਲ ਜਾਣ ਕਿ ਮੁਹਾਲੀ ਨਗਰ ਨਿਗਮ ਵਿੱਚ ਕੋਈ ਸਿਆਸੀ ਤਬਦੀਲੀ ਹੋਣ ਵਾਲੀ ਹੈ। ਉਨ੍ਹਾਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਬਿਆਨਬਾਜ਼ੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ (ਵਿਧਾਇਕ) ਜਿੰਨਾ ਮਰਜ਼ੀ ਜ਼ੋਰ ਲਗਾ ਲੈਣ, ਕੋਈ ਮਾਈ ਦਾ ਲਾਲ ਉਨ੍ਹਾਂ (ਜੀਤੀ ਸਿੱਧੂ) ਨੂੰ ਮੇਅਰ ਦੀ ਚੇਅਰ ਤੋਂ ਲਾਂਭੇ ਨਹੀਂ ਕਰ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਕੌਂਸਲਰ ਉਨ੍ਹਾਂ ਦੇ ਸੰਪਰਕ ਵਿੱਚ ਹਨ।