ਦਰਸ਼ਨ ਸਿੰਘ ਸੋਢੀ
ਮੁਹਾਲੀ, 23 ਸਤੰਬਰ
ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਿਹਤ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਕੋਵਿਡ ਮਰੀਜ਼ਾਂ ਦੀ ਜਾਂਚ ਅਤੇ ਸੰਪਰਕ ਟਰੇਸਿੰਗ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖ਼ੁਰਾਕ ਉਤੇ ਖਾਸ ਜ਼ੋਰ ਦੇਣਾ ਚਾਹੀਦਾ ਹੈ ਕਿਉਂਕਿ ਟੀਕਾਕਰਨ ਦੀ ਪਹਿਲੀ ਖੁਰਾਕ ਦੇ ਨਾਲ ਜ਼ਿਲ੍ਹਾ ਸਿਖਰ ‘ਤੇ ਹੈ ਅਤੇ ਦੂਜੀ ਖੁਰਾਕ ਦਾ ਸਵਾਲ ਆਉਣ ’ਤੇ ਜ਼ਿਲ੍ਹਾ ਉਸੇ ਸਥਾਨ ‘ਤੇ ਰਹਿਣਾ ਚਾਹੀਦਾ ਹੈ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀ ਹਾਜ਼ਰੀ ਵਿੱਚ ਡੀਸੀ ਨੇ ਅੱਗੇ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਅਧਿਆਪਕਾਂ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਪਾਅ ਵਜੋਂ ਸਕੂਲਾਂ ਵਿੱਚ ਆਪਣੀ ਡਿਊਟੀ ਉਤੇ ਜਾਣ ਤੋਂ ਪਹਿਲਾਂ ਟੀਕਾ ਲਗਵਾਉਣ ਦੀ ਲੋੜ ਹੈ। ਡੇਂਗੂ ਅਤੇ ਹੋਰ ਬਿਮਾਰੀਆਂ ਬਾਰੇ ਸ੍ਰੀਮਤੀ ਕਾਲੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ, ਜਿੱਥੇ ਬਿਮਾਰੀ ਫੈਲਣ ਦਾ ਜ਼ਿਆਦਾ ਖ਼ਤਰਾ ਹੈ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਕੋਮਲ ਮਿੱਤਲ, ਏਡੀਸੀ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਐੱਸਡੀਐੱਮ ਮੁਹਾਲੀ ਹਰਬੰਸ ਸਿੰਘ, ਐੱਸਡੀਐੱਮ ਖਰੜ ਆਕਾਸ਼ ਬਾਂਸਲ, ਐੱਸਡੀਐੱਮ ਡੇਰਾਬੱਸੀ ਕੁਲਦੀਪ ਬਾਵਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਹਾਜ਼ਰ ਸਨ।