ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਦਸੰਬਰ
ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਬਾਰੇ ਕਾਰਵਾਈ ਤੇਜ਼ ਹੋ ਗਈ ਹੈ। ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਤੇ ਹੋਰ ਅਧਿਕਾਰੀਆਂ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਪੁਨੀਤ ਗੋਇਲ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਹਾਲੀ ਦਾ ਖੇਤਰਫਲ ਵਧਾਉਣ ਅਤੇ ਨਗਰ ਨਿਗਮ ਨਾਲ ਸਬੰਧਤ ਹੋਰ ਮਸਲੇ ਵਿਚਾਰੇ ਗਏ।
ਨਾਲ ਹੀ ਉਨ੍ਹਾਂ ਨੇ ਜਨ ਸਿਹਤ ਵਿਭਾਗ ਦਾ ਕੰਮ ਨਗਰ ਨਿਗਮ ਦੇ ਸਪੁਰਦ ਕਰਨ ਬਾਰੇ ਚਰਚਾ ਕੀਤੀ। ਸਿੱਧੂ ਨੇ ਡਾਇਰੈਕਟਰ ਨੂੰ ਕਿਹਾ ਕਿ ਹੱਦਬੰਦੀ ਵਧਾਉਣ ਸਬੰਧੀ ਨਗਰ ਨਿਗਮ ਦੇ ਹਾਊਸ ਨੇ ਮਤਾ ਪਾਸ ਕਰ ਕੇ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ ਅਤੇ ਨਕਸ਼ਾ ਵੀ ਬਣਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਥਾਨਕ ਸਰਕਾਰਾਂ ਵਿਭਾਗ ਦੀ ਹਰੀ ਝੰਡੀ ਮਿਲਣਾ ਬਾਕੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਗੋਇਲ ਨੇ ਭਰੋਸਾ ਦਿੱਤਾ ਕਿ ਫਾਈਲ ਮੁਕੰਮਲ ਕਰਕੇ ਅਗਲੇ ਹਫ਼ਤੇ ਤੱਕ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤੀ ਜਾਵੇਗੀ।
ਸਵੱਛ ਸਰਵੇਖਣ: ਮੇਅਰ ਜੀਤੀ ਸਿੱਧੂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਵੱਛ ਸਰਵੇਖਣ ਵਿੱਚ ਇਸ ਵਾਰ ਸ਼ਹਿਰ ਨੂੰ ਨੰਬਰ ਇੱਕ ’ਤੇ ਲਿਆਉਣ ਲਈ ਨਗਰ ਨਿਗਮ ਸੀਨੀਅਰ ਅਧਿਕਾਰੀਆਂ ਅਤੇ ਸੈਨੇਟਰੀ ਸ਼ਾਖਾ ਤੇ ਇੰਜੀਨੀਅਰਿੰਗ ਵਿੰਗ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕਮਿਸ਼ਨਰ ਕਮਲ ਗਰਗ, ਸੰਯੁਕਤ ਕਮਿਸ਼ਨਰ ਹਰਜੀਤ ਕੌਰ ਵੀ ਹਾਜ਼ਰ ਸਨ। ਨਿਗਮ ਅਧਿਕਾਰੀਆਂ ਨੇ ਮੇਅਰ ਨੂੰ ਭਰੋਸਾ ਦਿੱਤਾ ਕਿ ਸਵੱਛ ਸਰਵੇਖਣ ਵਿੱਚ ਮੁਹਾਲੀ ਨੂੰ ਨੰਬਰ ਇੱਕ ’ਤੇ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿਹਤ ਅਫ਼ਸਰ ਡਾ. ਤਮੰਨਾ ਤੇ ਐਕਸੀਅਨ ਹਰਪ੍ਰੀਤ ਸਿੰਘ ਹਾਜ਼ਰ ਸਨ।