ਦਰਸ਼ਨ ਸਿੰਘ ਸੋਢੀ
ਮੁਹਾਲੀ, 13 ਮਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਆਤਮਾ ਸਕੀਮ) ਅਧੀਨ ਭਰਤੀ ਕੀਤੇ ਕੱਚੇ ਕਰਮਚਾਰੀਆਂ ਨੇ ਪੰਜਾਬ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੀੜਤ ਕਰਮਚਾਰੀਆਂ ਨੂੰ ਮਾਰਚ ਅਤੇ ਅਪਰੈਲ ਮਹੀਨੇ ਤਨਖ਼ਾਹ ਵੀ ਨਹੀਂ ਦਿੱਤੀ ਗਈ, ਜਿਸ ਕਾਰਨ ਪੀੜਤ ਕਰਮਚਾਰੀਆਂ ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਦਸੰਬਰ 2018 ਨੂੰ ਜਾਰੀ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਬੁਲਾਰਿਆਂ ਨੇ ਕਿਹਾ ਕਿ ਆਰਥਿਕ ਤੰਗੀ ਨਾਲ ਜੂਝ ਰਹੇ ਆਤਮਾ ਸਕੀਮ ਦੇ ਕਰਮਚਾਰੀ 11 ਮਈ ਤੋਂ ਖੇਤੀ ਭਵਨ ਮੁਹਾਲੀ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਹਨ।
ਇਸ ਦੌਰਾਨ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਧਰਨੇ ਵਿੱਚ ਪਹੁੰਚ ਕੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਅਤੇ ਸਰਕਾਰ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਰੇ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੀੜਤ 421 ਨੌਜਵਾਨ ਬੀਐੱਡ ਅਤੇ ਪੀਐੱਚਡੀ ਕਰਕੇ 11 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਪਹਿਲਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰੇ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਇਸ ਮਗਰੋਂ ਬਾਕੀ ਅਸਾਮੀਆਂ ਲਈ ਅਗਲੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।