ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਦਸੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ ਦਿੰਦਿਆਂ ਮੁਹਾਲੀ ਨਗਰ ਨਿਗਮ ਦੀ ਚੋਣਾਂ ਸਬੰਧੀ ਨਵੀਂ ਵਾਰਡਬੰਦੀ ਅਤੇ ਰਾਖਵੇਂਕਰਨ ਬਾਰੇ ਪਟੀਸ਼ਨਾਂ ਨੂੰ ਮੁੱਢੋਂ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗਲਤ ਤਰੀਕੇ ਨਾਲ ਵਾਰਡਬੰਦੀ ਕਰਨ ਅਤੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਰਾਖਵੇਂਕਰਨ ਖ਼ਿਲਾਫ਼ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਪਿਛਲੇ ਦਿਨੀਂ ਜਸਟਿਸ ਗਿਰੀਸ਼ ਅਗਨੀਹੋਤਰੀ ਅਤੇ ਜਸਟਿਸ ਜਤਿੰਦਰ ਚੌਹਾਨ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਉੱਚ ਅਦਾਲਤ ਨੇ ਉਕਤ ਦੋਵੇਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਤੇ ਵਾਰਡਬੰਦੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਵੀ ਇਸ ਕੇਸ ਵੀ ਧਿਰ ਬਣ ਸਨ। ਇਨ੍ਹਾਂ ਨੇ ਆਪਣੇ ਵਕੀਲ ਰਾਹੀਂ ਵੱਖੋ ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਉਹਨਾਂ ਦਾ ਪੱਖ ਸੁਣਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਵੀ ਅਕਾਲੀ ਦਲ ਨੇ ਦੋ ਵਾਰ ਵੱਖੋ ਵੱਖਰੀਆਂ ਪਟੀਸ਼ਨਾਂ ਦਾਇਰ ਕਰਕੇ ਨਵੀਂ ਵਾਰਡਬੰਦੀ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰਨ ਖ਼ਿਲਾਫ਼ ਹਾਈ ਕੋਰਟ ਦਾ ਬੂਹਾ ਖੜਕਾਇਆ ਜਾ ਚੁੱਕਾ ਹੈ। ਹਾਈ ਕੋਰਟ ਵਿੱਚ ਪਹਿਲੀਆਂ ਪਟੀਸ਼ਨਾਂ ’ਤੇ 6 ਜਨਵਰੀ 2021 ਨੂੰ ਸੁਣਵਾਈ ਹੋਵੇਗੀ।