ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਜਨਵਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ ਦੇ ਐੱਸਐੱਸਪੀ ਦਫ਼ਤਰ ਵਿੱਚ ਤਾਇਨਾਤ ਹੌਲਦਾਰ ਰਘਬੀਰ ਸਿੰਘ ਨੂੰ ਬਣਦੇ ਸਾਰੇ ਵਿੱਤੀ ਲਾਭ ਅਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਉੱਚ ਅਦਾਲਤ ਨੇ ਪੁਲੀਸ ਮੁਲਾਜ਼ਮ ਨੂੰ ਪੂਰੀ ਤਨਖ਼ਾਹ ਅਤੇ ਬਣਦੀ ਤਰੱਕੀ ਨਾ ਦੇਣ ਦੇ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਐਸਐਸਪੀ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਆਖਿਆ ਸੀ। ਹੌਲਦਾਰ ਕਾਫੀ ਸਮੇਂ ਤੋਂ ਉਸ ਵਿਰੁੱਧ ਦਰਜ ਮੁਕੱਦਮੇ ਅਤੇ ਵਿਭਾਗੀ ਜਾਂਚ ’ਚੋਂ ਬਰੀ ਹੋਣ ਦੇ ਬਾਵਜੂਦ ਬਣਦੇ ਵਿੱਤੀ ਲਾਭ ਅਤੇ ਏਐੱਸਆਈ ਵਜੋਂ ਤਰੱਕੀ ਲੈਣ ਲਈ ਖੱਜਲ-ਖੁਆਰ ਹੋ ਰਿਹਾ ਸੀ। ਵਿਭਾਗ ਦੀ ਅਣਦੇਖੀ ਖ਼ਿਲਾਫ਼ ਪੀੜਤ ਹੌਲਦਾਰ ਵੱਲੋਂ ਆਪਣੇ ਵਕੀਲ ਰੰਜੀਵਨ ਸਿੰਘ ਮੁਹਾਲੀ ਰਾਹੀਂ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ। ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਪੀੜਤ ਹੌਲਦਾਰ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਦੀ ਇਹ ਦਲੀਲ ਕਿ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਨੂੰ ਮੁੱਢੋਂ ਰੱਦ ਕਰਦਿਆਂ ਅਹਿਮ ਫੈਸਲਾ ਲੈਂਦੇ ਹੋਏ ਗ੍ਰਹਿ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਤੇ ਸੂਬੇ ਦੇ ਡੀਜੀਪੀ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਪਟੀਸ਼ਨਰ ਨੂੰ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਬਰਖਾਸਤਗੀ ਸਮਾਂ 17 ਦਸੰਬਰ 2012 ਤੋਂ 15 ਅਕਤੂਬਰ 2018 ਤੱਕ ਸਾਰੇ ਬਣਦੇ ਵਿੱਤੀ ਲਾਭ ਅਤੇ ਮਾਰਚ 2020 ਤੋਂ ਏਐਸਆਈ (ਲੋਕਲ ਰੈਂਕ) ਦੀ ਤਰੱਕੀ ਦਿੱਤੀ ਜਾਵੇ।