ਦਰਸ਼ਨ ਸਿੰਘ ਸੋਢੀ
ਮੁਹਾਲੀ, 28 ਦਸੰਬਰ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਅੱਜ ਹੋਈ ਵਿੱਤ ਤੇ ਠੇਕਾ ਕਮੇਟੀ ਮੀਟਿੰਗ ਵਿੱਚ 19 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਜਦੋਂਕਿ 2 ਕਰੋੜ ਦੇ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਕੌਂਸਲਰ ਜਸਬੀਰ ਸਿੰਘ ਮਣਕੂ ਤੇ ਅਨੁਰਾਧਾ ਆਨੰਦ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੇਵਰ ਬਲਾਕ, ਪਾਰਕਾਂ ਨੂੰ ਵਿਕਸਤ ਕਰਨ ਦੇ ਕੰਮ ਅਤੇ ਹੋਰ ਵਿਕਾਸ ਕੰਮ ਲੋੜ ਅਨੁਸਾਰ ਕਰਵਾਏ ਜਾ ਰਹੇ ਹਨ। ਪਾਰਕਾਂ ਵਿੱਚ ਨਵੇਂ ਬੈਂਚ ਲਗਾਏ ਜਾਣ ਸਮੇਤ ਸਿਟੀ ਪਾਰਕ ਦੀ ਕਾਇਆਕਲਪ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਰੀਟ ਲਾਈਟਾਂ ਅਤੇ ਜਲ ਸਪਲਾਈ ਅਤੇ ਸੀਵਰੇਜ ਕੰਮ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸੈਕਟਰ-78 ਵਿੱਚ ਨਵਾਂ ਪਾਰਕ ਵਿਕਸਤ ਕੀਤਾ ਜਾਵੇਗਾ। ਇਸ ਸਮੇਂ ਮੁਹਾਲੀ ਵਿੱਚ 100 ਕਰੋੜ ਤੋਂ ਵੱਧ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਕਾਸ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾ ਰਹੀ ਹੈ।