ਮੁਹਾਲੀ ਨਿਗਮ ਵੱਲੋਂ 13 ਕਰੋੜ ਦੇ ਵਰਕ ਆਰਡਰ ਜਾਰੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਮਈ
ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ 13 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਜਦੋਂਕਿ 12 ਕਰੋੜ ਰੁਪਏ ਦੇ ਨਵੇਂ ਕੰਮਾਂ ਦੇ ਐਸਟੀਮੇਟ ਪਾਸ ਕੀਤੇ ਗਏ। ਇਨ੍ਹਾਂ ਵਿੱਚ ਸੀਵਰੇਜ, ਫੁਟਪਾਥ, ਸੜਕਾਂ ਦੇ ਕੰਮ ਸ਼ਾਮਲ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਂਬਰ ਜਸਵੀਰ ਸਿੰਘ ਮਣਕੂ ਤੇ ਅਨੁਰਾਧਾ ਅਨੰਦ, ਮੁੱਖ ਇੰਜਨੀਅਰ ਨਰੇਸ਼ ਬੱਤਾ ਤੇ ਹੋਰ ਅਫ਼ਸਰ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਚਰਚਾ ਕੀਤੀ ਗਈ। ਇਸ ਸਬੰਧੀ ਕਰਵਾਏ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕੰਮ ’ਤੇ 200 ਕਰੋੜ ਰੁਪਏ ਖ਼ਰਚ ਕੀਤੇ ਜਾਣੇ ਹਨ। ਇਸ ਸਬੰਧੀ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬਰਸਾਤੀ ਪਾਣੀ ਦੀਆਂ ਡਰੇਨੇਜ ਪਾਈਪਾਂ ਦੀ ਡੀ-ਸਿਲਟਿੰਗ ਕਰਵਾਉਣ ਲਈ ਚਾਰ ਜ਼ੋਨ ਬਣਾਏ ਗਏ ਹਨ, ਇਸ ਦੇ ਟੈਂਡਰ ਹੋ ਗਏ ਹਨ। ਇਸ ਤੋਂ ਇਲਾਵਾ ਐੱਨ ਚੋਅ ਦੀ ਸਫ਼ਾਈ ਅਗਲੇ ਹਫ਼ਤੇ ਸ਼ੁਰੂ ਹੋ ਜਾਵੇਗੀ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਪਹਿਲਾ ਸਾਈਕਲ ਟਰੈਕ ਸਫਲਤਾ ਨਾਲ ਚੱਲ ਪਿਆ ਹੈ, ਉਨ੍ਹਾਂ ਦਾ ਟੀਚਾ ਇਹ ਹੈ ਕਿ ਰਿਹਾਇਸ਼ੀ ਖੇਤਰ ਅਤੇ ਮਾਰਕੀਟਾਂ ਨੂੰ ਸਾਈਕਲ ਟਰੈਕ ਰਾਹੀਂ ਜੋੜਿਆ ਜਾਵੇ। ਇਸ ਨਾਲ ਨਾ ਸਿਰਫ਼ ਪਾਰਕਿੰਗ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਲੋਕਾਂ ਦੀ ਸਿਹਤ ਵੀ ਵਧੀਆ ਰਹੇਗੀ। ਮੇਅਰ ਨੇ ਕਿਹਾ ਕਿ ਮੁਹਾਲੀ ਦੇ ਹਰ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਵਿੱਚ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ-ਨਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਸੂਰਤ ਵਿੱਚ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਅਧਿਕਾਰੀ ਆਪੋ-ਆਪਣੇ ਖੇਤਰ ਵਿੱਚ ਵਿਕਾਸ ਕੰਮਾਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸਬੰਧਤ ਠੇਕੇਦਾਰ ਅਤੇ ਅਧਿਕਾਰੀ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।