ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਸਤੰਬਰ
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਨਵੇਂ ਸਿਰਿਓਂ ਵਾਰਡਬੰਦੀ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ 35 ਤੋਂ 40 ਟੀਮਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਸਰਵੇ ਟੀਮਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਬਾਕੀ ਸਾਰੇ ਅਮਲੇ ਦਾ ਕਰੋਨਾ ਟੈੱਸਟ ਕਰਵਾਇਆ ਗਿਆ ਹੈ ਤਾਂ ਜੋ ਸਰਵੇ ਦੌਰਾਨ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਭਰੋਸਾ ਮੁਹਾਲੀ ਨਿਗਮ ਦੇ ਕਮਿਸ਼ਨਰ-ਕਮ-ਪ੍ਰਸ਼ਾਸਕ ਕਮਲ ਗਰਗ ਨੇ ਸੰਯੁਕਤ ਕਮਿਸ਼ਨ ਰਾਜੇਸ਼ ਕੁਮਾਰ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਹੈ। ਵਾਰਡਬੰਦੀ ਸਬੰਧੀ ਅੱਜ ਹੋਈ ਦੂਜੀ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਗੈਰ ਸਰਕਾਰੀ ਮੈਂਬਰ ਅਮਰਜੀਤ ਸਿੰਘ ਜੀਤੀ ਸਿੱਧੂ ਨਹੀਂ ਪਹੁੰਚੇ ਸਕੇ ਜਦੋਂਕਿ ਕਮਿਸ਼ਨਰ ਸਮੇਤ ਮੁਹਾਲੀ ਦੀ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਕੁੱਝ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਹਾਲਾਂਕਿ ਪਹਿਲਾਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਪੂਰੇ ਜ਼ੋਰਾਂ ’ਤੇ ਸੀ ਕਿ ਕੈਬਨਿਟ ਮੰਤਰੀ ਨੇ ਕਾਂਗਰਸੀ ਉਮੀਦਵਾਰਾਂ ਨੂੰ ਕਥਿਤ ਲਾਭ ਪਹੁੰਚਾਉਣ ਲਈ ਆਪਣੇ ਹਿਸਾਬ ਨਾਲ ਪੁਰਾਣੇ ਵਾਰਡਾਂ ਨਾਲ ਕਥਿਤ ਛੇੜਛਾੜ ਕਰਕੇ ਵਾਰਡਬੰਦੀ ਦੇ ਕੰਮ ਨੂੰ ਕਾਫੀ ਹੱਦ ਤੱਕ ਨੇਪਰੇ ਚਾੜ੍ਹ ਲਿਆ ਹੈ ਅਤੇ ਬੀਤੀ 1 ਸਤੰਬਰ ਨੂੰ ਹੋਈ ਪਲੇਠੀ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਕਮਿਸ਼ਨਰ ਨੂੰ ਅੱਜ ਨਵੀਂ ਵਾਰਡਬੰਦੀ ਦਾ ਖਰੜਾ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਗਿਆ ਸੀ ਪ੍ਰੰਤੂ ਅੱਜ ਹੋਈ ਮੀਟਿੰਗ ਵਿੱਚ ਖਰੜਾ ਪੇਸ਼ ਨਹੀਂ ਕੀਤਾ ਜਾ ਸਕਿਆ ਜਿਸ ਕਾਰਨ ਵਾਰਡਬੰਦੀ ਦਾ ਕੰਮ ਲਟਕ ਗਿਆ ਹੈ।
ਮੀਟਿੰਗ ਦੌਰਾਨ ਕਮਿਸ਼ਨਰ ਕਮਲ ਗਰਗ ਨੇ ਦੱਸਿਆ ਕਿ ਵਾਰਡਬੰਦੀ ਸਬੰਧੀ ਅਬਾਦੀ ਮੁਤਾਬਕ ਨਵੇਂ ਸਿਰਿਓਂ ਸਰਵੇ ਕੀਤਾ ਜਾਣਾ ਜ਼ਰੂਰੀ ਹੈ। ਇਸ ਸਬੰਧੀ ਨਗਰ ਨਿਗਮ ਦੀਆਂ 35 ਤੋਂ 40 ਟੀਮਾਂ ਨੂੰ ਕੰਮ ’ਤੇ ਲਗਾਇਆ ਗਿਆ ਹੈ। ਇਹ ਕੰਮ ਅਗਲੇ 10-12 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਮਗਰੋਂ ਵਾਰਡਬੰਦੀ ਦਾ ਖਰੜਾ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡਬੰਦੀ ਦੇ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜਿ੍ਹਆ ਜਾਵੇਗਾ।
ਕੀ ਕਹਿੰਦੇ ਨੇ ਅਕਾਲੀ-ਭਾਜਪਾ ਆਗੂ
ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਰੁਣ ਸ਼ਰਮਾ, ਉਮਾਕਾਂਤ ਤਿਵਾੜੀ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਸਰਵੇ ਕਰਕੇ ਵਾਰਡਬੰਦੀ ਦੀ ਕਾਰਵਾਈ ਸ਼ੁਰੂ ਹੋਣ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਹੁਕਮਰਾਨਾਂ ਨੇ ਕਥਿਤ ਮਨਮਾਨੇ ਤਰੀਕੇ ਨਾਲ ਨਵੇਂ ਵਾਰਡਾਂ ਦਾ ਖਰੜਾ ਲਗਪਗ ਤਿਆਰ ਕਰ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨ ਅਕਾਲੀ-ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਵਾਰਡਾਂ ਨਾਲ ਛੇੜਛਾੜ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਚੋਣਾਂ ਲੜਨ ਲਈ ਤਿਆਰ ਹੈ।
ਪਾਰਦਰਸ਼ਤਾ ਨਾਲ ਕੀਤਾ ਜਾ ਰਿਹੈ ਵਾਰਡਬੰਦੀ ਦਾ ਕੰਮ: ਬੇਦੀ
ਵਾਰਡਬੰਦੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਸਾਬਕਾ ਕੌਂਸਲਰ ਚੋਣਾਂ ਤੋਂ ਪਹਿਲਾਂ ਹੀ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਤਹਿਤ ਵਾਰਡਬੰਦੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਮੁਹਾਲੀ ਦਾ ਖੇਤਰਫਲ ਕਾਫੀ ਵਧ ਚੁੱਕਾ ਹੈ। ਨਗਰ ਨਿਗਮ ਕੋਲ ਵੋਟਰ ਲਿਸਟਾਂ ਤਾਂ ਮੌਜੂਦ ਹਨ ਪ੍ਰੰਤੂ ਆਬਾਦੀ ਦੇ ਅੰਕੜੇ 2011 ਵਾਲੇ ਹੀ ਹਨ। ਇਸ ਲਈ ਨਵੇਂ ਸਿਰਿਓਂ ਆਬਾਦੀ ਦਾ ਸਰਵੇ ਕਰਕੇ ਵਾਰਡਬੰਦੀ ਦਾ ਕੰਮ ਮੁਕੰਮਲ ਕੀਤਾ ਜਾਵੇਗਾ।