ਦਰਸ਼ਨ ਸਿੰਘ ਸੋਢੀ
ਮੁਹਾਲੀ, 25 ਫਰਵਰੀ
ਇਥੋਂ ਦੇ ਨਜ਼ਦੀਕੀ ਪਿੰਡ ਜਗਤਪੁਰਾ ਦੀ ਅੰਬ ਸਾਹਿਬ ਕਲੋਨੀ ਵਿੱਚ ਮਜ਼ਦੂਰ ਲੜਕੀ ਦੀ ਭੇਤਭਰੀ ਮੌਤ ਹੋ ਗਈ। ਲੜਕੀ ਦੀ ਪਛਾਣ ਮੰਜੂ ਰਾਣੀ (23) ਵਜੋਂ ਹੋਈ ਹੈ। ਇਸ ਸਬੰਧੀ ਲੜਕੀ ਦੇ ਭਰਾ ਨੀਰਜ ਕੁਮਾਰ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਸ ਦੀ ਭੈਣ ਨੂੰ ਉਸ ਦੇ ਸਹੁਰੇ ਪਰਿਵਾਰ ਵਾਲੇ ਤੰਗ ਕਰਦੇ ਸੀ ਅਤੇ ਬੀਤੀ ਰਾਤ ਉਨ੍ਹਾਂ ਨੇ ਉਸ ਨੂੰ ਬੜੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਹੈ। ਸ਼ਿਕਾਇਤਕਰਤਾ ਮੁਤਾਬਕ ਮ੍ਰਿਤਕਾ ਦੇ ਗਲੇ ਉੱਤੇ ਸੱਟ ਦੇ ਨਿਸ਼ਾਨ ਸਨ। ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਮੰਜੂ ਰਾਣੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ। ਜਿੱਥੇ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐੱਸਪੀ (ਸਿਟੀ-2) ਦੀਪ ਕੰਵਲ ਨੇ ਮੁਟਿਆਰ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।