ਮੁਹਾਲੀ ਪੁਲੀਸ ਨੇ ਗਾਇਕ ਗਿੱਲ ਮਾਣੂਕੇ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ ਗਾਇਕ ਅਤੇ ਗੀਤਕਾਰ ਸਤਵੰਤ ਸਿੰਘ ਗਿੱਲ ਮਾਣੂਕੇ ਵੱਲੋਂ ਮੁਹਾਲੀ ਦੇ ਸੈਕਟਰ-78 ਦੇ ਜਿਮ ਵਿੱਚ ਜਿਮ ਟਰੇਨਰ ਨਾਲ ਤਕਰਾਰ ਮਗਰੋਂ ਪਿਸਤੌਲ ਤਾਣਨ ਅਤੇ ਗਾਲ੍ਹਾਂ ਕੱਢਣ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਨੇ ਗਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਦੇ ਭਰਾ ਜਸਵੰਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ। ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੋਹਾਣਾ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਗਾਇਕ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗਾਇਕ ਦਾ ਪਿਸਤੌਲ ਅਤੇ ਇੱਕ ਕਾਰਤੂਸ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਗਾਇਕ ਸਤਵੰਤ ਸਿੰਘ ਨੇ ਜਿਮ ਦੀ ਕਿਸੇ ਮਸ਼ੀਨ ਉੱਤੇ ਪਹਿਲਾਂ ਕਸਰਤ ਕਰਨ ਤੋਂ ਤਕਰਾਰ ਕੀਤਾ ਅਤੇ ਧਮਕੀਆਂ ਦਿੱਤੀਆਂ। ਡੀਐੱਸਪੀ ਨੇ ਦੱਸਿਆ ਕਿ ਗਾਇਕ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਸਤੌਲ ਲਾਇਸੈਂਸੀ ਹੈ ਪਰ ਇਹ ਘੋਖਿਆ ਜਾਵੇਗਾ ਕਿ ਇਸ ਦਾ ਲਾਇਸੈਂਸ ਕਿਵੇਂ ਬਣਿਆ। ਉਨ੍ਹਾਂ ਕਿਹਾ ਕਿ ਪੁਲੀਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣ ਦੇਵੇਗੀ।