ਦਰਸ਼ਨ ਸਿੰਘ ਸੋਢੀ
ਮੁਹਾਲੀ, 24 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਬੁੱਧਵਾਰ ਨੂੰ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਬੇਲੋੜੇ ਵਾਧੇ ਖ਼ਿਲਾਫ਼ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਡਾ. ਮੇਜਰ ਸਿੰਘ ਦੀ ਅਗਵਾਈ ਹੇਠ ਏਡੀਸੀ (ਵਿਕਾਸ) ਰਾਜੀਵ ਗੁਪਤਾ ਨੂੰ ਮੰਗ ਪੱਤਰ ਸੌਂਪਦਿਆਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ। ਆਈਏਐੱਸ (ਸੇਵਾਮੁਕਤ) ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਆਗੂਆਂ ਅਤੇ ਵਰਕਰਾਂ ਨੇ ਖੱਚਰ ਰੇਹੜੇ ’ਤੇ ਸਵਾਰ ਹੋ ਕੇ ਸ਼ਹਿਰ ਦੀਆਂ ਸੜਕਾਂ ’ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕਾਰਪੋਰੇਟ ਘਰਾਣਿਆਂ ਨੂੰ ਵਿੱਤੀ ਲਾਭ ਪਹੁੰਚਾਉਣ ਦੀ ਮਨਸ਼ਾ ਨਾਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਸਣੇ ਦੇਸ਼ ਦੇ ਲੋਕਾਂ ਦੀ ਆਰਥਿਕਤਾ ’ਤੇ ਬਹੁਤ ਵੱਡਾ ਬੋਝ ਪਿਆ ਹੈ ਅਤੇ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਲੋਕ ਹਿੱਤ ਵਿੱਚ ਉਨ੍ਹਾਂ ਦੀ ਇਹ ਗੱਲ ਨਹੀਂ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਡਾ. ਮੇਜਰ ਸਿੰਘ, ਰਜਿੰਦਰ ਸਿੰਘ ਸੇਠੀ, ਅਰਜਨ ਸਿੰਘ ਸ਼ੇਰਗਿੱਲ, ਬਲਜੀਤ ਸਿੰਘ ਜਗਤਪੂਰਾ, ਬਚਿੱਤਰ ਸਿੰਘ, ਸਤਬੀਰ ਸਿੰਘ, ਅਮਨਪ੍ਰੀਤ ਸਿੰਘ, ਹਰਚਰਨ ਸਿੰਘ, ਸਤਿੰਦਰ ਸਿੰਘ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।