ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਨਜ਼ਦੀਕੀ ਅਤੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਅਕਾਲੀ ਦਲ ਵੱਲੋਂ ਜ਼ਿਲ੍ਹਾ ਮੁਹਾਲੀ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਿਯੁਕਤ ਕੀਤੇ ਨਿਗਰਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਜ਼ਾਦ ਚੋਣਾਂ ਲੜਨ ਦਾ ਐਲਾਨ ਕਰਨ ਵਾਲੇ ਬਾਕੀ ਕਿਸੇ ਹੋਰ ਅਕਾਲੀ ਆਗੂ ਖ਼ਿਲਾਫ਼ ਫਿਲਹਾਲ ਅਜਿਹੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਸਾਬਕਾ ਮੇਅਰ ਖ਼ਿਲਾਫ਼ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ ਹੈ, ਜਿਸ ਕਾਰਨ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤਾ ਗਿਆ ਹੈ।