ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਇੱਥੋਂ ਦੇ ਫੇਜ਼-6 ਸਥਿਤ ਮੁਹਾਲੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਮਲਾ ਕਾਫ਼ੀ ਭਖ ਗਿਆ ਹੈ। ਮੁਹਾਲੀ ਟਰੱਕ ਓਨਰਜ਼ ਵੈਲਫੇਅਰ ਸੁਸਾਇਟੀ ਦੇ ਫਾਉਂਡਰ ਮੈਂਬਰ ਨਰਿੰਦਰ ਸਿੰਘ ਮੈਣੀ, ਸਾਬਕਾ ਪ੍ਰਧਾਨ ਦੀਦਾਰ ਸਿੰਘ, ਸਵਰਨ ਸਿੰਘ ਬੱਗਾ, ਗੁਰਮੀਤ ਸਿੰਘ, ਹਰਪਾਲ ਸਿੰਘ ਅਤੇ ਹੋਰਨਾਂ ਮੈਂਬਰਾਂ ਨੇ ਕਿਹਾ ਕਿ ਆਪ ਆਗੂ ਅਵਤਾਰ ਸਿੰਘ ਮੌਲੀ ਨੇ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਟਰੱਕ ਅਪਰੇਟਰਾਂ ਦੀ ਸਹਿਮਤੀ ਤੋਂ ਬਿਨਾਂ ਰਾਜਿੰਦਰ ਸਿੰਘ ਰਾਜੂ ਨੂੰ ਧੱਕੇ ਨਾਲ ਪ੍ਰਧਾਨ ਬਣਾ ਦਿੱਤਾ ਜਦੋਂ ਕਿ 70 ਤੋਂ 80 ਫੀਸਦੀ ਬਹੁਮਤ ਉਨ੍ਹਾਂ ਦੇ ਨਾਲ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਇਹ ਚੋਣ ਨਿਯਮਾਂ ਦੇ ਉਲਟ ਹੈ। ਉਨ੍ਹਾਂ ਟਰੱਕ ਯੂਨੀਅਨ ਵਿੱਚ ਖੂਨ ਖ਼ਰਾਬਾ ਹੋਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਟਰੱਕ ਯੂਨੀਅਨ ਦੀ ਚੋਣ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰੱਥ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਥਾਪਿਆ ਗਿਆ ਹੈ, ਉਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਹੈ ਪ੍ਰੰਤ ਸਿਆਸੀ ਦਬਾਅ ਕਾਰਨ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਟਰੱਕ ਯੂਨੀਅਨ ਵਿੱਚ ਹਥਿਆਰਬੰਦ ਵਿਅਕਤੀਆਂ ਵੱਲੋਂ ਦੂਜੀ ਧਿਰ ਨੂੰ ਧਮਕਾਉਣ ਬਾਰੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਸਬੰਧੀ ਉਹ ਜਲਦੀ ਹੀ ਆਪ ਵਿਧਾਇਕ ਕੁਲਵੰਤ ਸਿੰਘ ਨਾਲ ਵੀ ਮੁਲਾਕਾਤ ਕਰਕੇ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾਉਣਗੇ।
ਆਪ ਆਗੂ ਅਵਤਾਰ ਮੌਲੀ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ
ਆਪ ਆਗੂ ਅਵਤਾਰ ਸਿੰਘ ਮੌਲੀ ਨੇ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਦੇ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਿਸੇ ਵਿਅਕਤੀ ਨੂੰ ਪ੍ਰਧਾਨ ਨਹੀਂ ਬਣਾਇਆ ਬਲਕਿ ਯੂਨੀਅਨ ਬਹੁਗਿਣਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਰਜਿੰਦਰ ਸਿੰਘ ਰਾਜੂ ਨੂੰ ਪ੍ਰਧਾਨ ਚੁਣਿਆ ਗਿਆ ਹੈ ਅਤੇ ਉਹ ਨਵੇਂ ਪ੍ਰਧਾਨ ਨਾਲ ਖੁਸ਼ੀ ਸਾਂਝੀ ਕਰਨ ਜ਼ਰੂਰ ਗਏ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਟਰੱਕ ਯੂਨੀਅਨ ਦਾ ਬਿਜਲੀ ਬਿੱਲ ਤੱਕ ਜਮ੍ਹਾਂ ਨਹੀਂ ਕਰਵਾਇਆ ਹੈ। ਦਰਅਸਲ ਦੂਜੀ ਧਿਰ ਸ਼ੁਰੂ ਤੋਂ ਯੂਨੀਅਨ ਨੂੰ ਲੁਟਦੀ ਆ ਰਹੀ ਹੈ ਅਤੇ ਹੁਣ ਨਵਾਂ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਕਮਾਈ ਦਾ ਸਾਧਨ ਬੰਦ ਹੋ ਗਿਆ ਹੈ ਜਿਸ ਕਾਰਨ ਉਹ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਸਾਬਕਾ ਪ੍ਰਧਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੀਦਾਰ ਸਿੰਘ ਨੂੰ ਖ਼ੁਦ ਅਕਾਲੀ ਆਗੂ ਵੱਲੋਂ ਕੁਰਸੀ ’ਤੇ ਬਿਠਾਇਆ ਗਿਆ ਸੀ।