ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 28 ਜੁਲਾਈ
ਮੰਡੀ ਗੋਬਿੰਦਗੜ੍ਹ ਵਿੱਚ ਨਵੇਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਕੇ ਕੰਮ ਦਾ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਸੂਬੇ ਅੰਦਰ ਪਹਿਲੇ ਗੇੜ ਤਹਿਤ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ 15 ਅਗਸਤ ਤੋਂ ਕੰਮ ਕਰਨਾ ਆਰੰਭ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅੰਦਰ ਪਹਿਲੇ ਪੜਾਅ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਦਲੀਪ ਨਗਰ ਤੇ ਸੋਨਾ ਕਾਸਟਿੰਗ ਵਿਚ ਅਤੇ ਪਿੰਡ ਤਲਾਣੀਆਂ ਵਿਚ ਇਹ ਕਲੀਨਕ ਚਾਲੂ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਚੱਲ ਰਿਹਾ ਕੰਮ ਅੰਤਿਮ ਦੌਰ ਵਿਚ ਪਹੁੰਚ ਚੁੱਕਾ ਹੈ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹੇ ਅੰਦਰ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਹੋਰ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਜੇਸ਼ ਕੁਮਾਰ ਵੀ ਮੌਜੂਦ ਸਨ।