ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜਨਵਰੀ
‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦੀ ਅੰਦਰੂਨੀ ਸੁਰੱਖਿਆ, ਲੋਕਾਂ ਦੀ ਸਿਹਤ ਤੇ ਸਿੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਪਿੰਡ ਚੱਪੜਚਿੜੀ ਖ਼ੁਰਦ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਪਿੰਡ ਸ਼ਾਮਪੁਰ ਅਤੇ ਮੋਟੇ ਮਾਜਰਾ, ਦੁਰਾਲੀ, ਈਮਾਰ ਸੁਸਾਇਟੀ ਸੈਕਟਰ-105 ਵਿੱਚ ਵੀ ਚੋਣ ਪ੍ਰਚਾਰ ਕੀਤਾ।
ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਤੇ ਔਰਤਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਸਿੱਧੂ ਵੱਲੋਂ ਵਿਕਾਸ ਦੀ ਗਤੀ ਤੇਜ਼ ਕਰਨ ਦਾ ਭਰੋਸਾ
ਮੁਹਾਲੀ (ਕਰਮਜੀਤ ਸਿੰਘ ਚਿੱਲਾ):
ਮੁਹਾਲੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਉਨ੍ਹਾਂ ਨੇ ਹਲਕੇ ਦੀ ਨੁਹਾਰ ਬਣਲਣ ਲਈ ਕੋਈ ਕਸਰ ਨਹੀਂ ਛੱਡੀ ਅਤੇ ਅਗਲੇ ਪੰਜ ਸਾਲ ਉਹ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੇ। ਉਹ ਅੱਜ ਪਿੰਡ ਮੌਲੀ ਬੈਦਵਾਣ, ਲਾਂਡਰਾਂ, ਭਾਗੋਮਾਜਰਾ, ਮਾਣਕਪੁਰ ਕੱਲਰ, ਤੰਗੌਰੀ ਆਦਿ ਵਿੱਚ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੂੰ ਲਾਂਡਰਾਂ ਵਿੱਚ ਲੱਡੂਆਂ ਨਾਲ ਤੋਲਿਆ ਗਿਆ। ਉਹ ਸੋਮਵਾਰ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਉਨ੍ਹਾਂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਇਸ ਮੌਕੇ ਬਿਨਾਂ ਕਿਸੇ ਇਕੱਠ ਤੋਂ ਕੋਵਿਡ ਪ੍ਰੋਟੋਕਲ ਦੀਆਂ ਸਾਰੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਇਸ ਮੌਕੇ ਸ੍ਰੀ ਸਿੱਧੂ ਦੇ ਭਰਾ ਜੀਤੀ ਸਿੱਧੂ ਨੇ ਵੀ ਪ੍ਰਚਾਰ ਕੀਤਾ।