ਦਰਸ਼ਨ ਸਿੰਘ ਸੋਢੀ
ਮੁਹਾਲੀ, 27 ਜਨਵਰੀ
ਮੁਹਾਲੀ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ 31 ਜਨਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉਧਰ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਸਮੇਂ ਸੁਖਪਾਲ ਖਹਿਰਾ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਜ਼ਿਕਰਯੋਗ ਹੈ ਸੁਖਪਾਲ ਖਹਿਰਾ ਨੂੰ 11 ਨਵੰਬਰ ਨੂੰ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ। ਜਿੱਥੇ ਮੁੱਢਲੀ ਪੁੱਛਗਿੱਛ ਦੌਰਾਨ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ ਸੀ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਖਹਿਰਾ ’ਤੇ ਵਿਦੇਸ਼ਾਂ ’ਚੋਂ ਚੰਦੇ ਦੇ ਰੂਪ ਵਿੱਚ ਪੈਸਾ ਇਕੱਠਾ ਕਰਨ ਦਾ ਗੰਭੀਰ ਦੋਸ਼ ਹੈ। ਬਾਅਦ ਵਿੱਚ ਈਡੀ ਨੇ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਵੀ ਨਾਮਜ਼ਦ ਕਰ ਲਿਆ ਗਿਆ।