ਪੱਤਰ ਪ੍ਰੇਰਕ
ਮੁਹਾਲੀ, 26 ਮਈ
ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ ਛੇ ਮਹੀਨਿਆਂ ਤੋਂ ਲੜੀਵਾਰ ਧਰਨੇ ਉੱਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾਂ ਲਈ ਅਰਦਾਸ ਕਰਨ ਵਾਸਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚੇ। ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਬੀਬੀਆਂ ਦੇ ਜਥੇ ਕੋਲੋਂ ਗੁਰਬਾਣੀ ਕੀਰਤਨ ਵੀ ਸੁਣਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕੇਂਦਰ ਸਰਕਾਰ ਨੂੰ ਜੰਮ ਕੇ ਭੰਡਿਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ ਅਤੇ ਫੌਰੀ ਤੌਰ ’ਤੇ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ।