ਮੁਕੇਸ਼ ਕੁਮਾਰ
ਚੰਡੀਗੜ੍ਹ, 19 ਅਗਸਤ
ਸ਼ਹਿਰ ਦੇ ਸਵੱਛਤਾ ਸਰਵੇਖਣ ਵਿੱਚ ਪਛੜਨ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਸਫ਼ਾਈ ਵਿਵਸਥਾ ਸੁਧਾਰਨ ਲਈ ਪੱਬਾਂ ਭਾਰ ਹੈ। ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਵੱਛਤਾ ਲਈ ਜਿਥੇ ਕਈ ਤਰ੍ਹਾਂ ਦੇ ਉਪਰਾਲੇ ਕੀਤਾ ਜਾ ਰਹੇ ਹਨ, ਉੱਥੇ ਕੂੜਾ ਪ੍ਰਬੰਧਨ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਮਹੱਤਤਾ ਨੂੰ ਸਮਝਦੇ ਹੋਏ ਸਕੂਲ ਪੱਧਰ ’ਤੇ ‘ਸਵੱਛਤਾ ਕੀ ਪਾਠਸ਼ਾਲਾ’ ਨਾਮ ਹੇਠ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ। ਇਸ ਮੁਹਿੰਮ ਤਹਿਤ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਕੀਤੇ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਨੂੰ ਕੂੜਾ-ਕਰਕਟ ਨੂੰ ਨਿਯਮਾਂ ਅਨੁਸਾਰ ਵੱਖੋ-ਵੱਖਰਾ ਕਰਨ ਦੇ ਮਹੱਤਵ ਸਣੇ ਪਾਬੰਦੀਸ਼ੁਦਾ ਪਲਾਸਟਿਕ ਦੀਆਂ ਵਸਤੂਆਂ ਬਾਰੇ ਜਾਗਰੂਕਤਾ ਪੈਦਾ ਕਰ ਰਹੇ ਸਨ। ਇਸ ਮੁਹਿੰਮ ਬਾਰੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਘਰੇਲੂ ਖਾਦ ਬਣਾਉਣ ਸਣੇ ਸ਼ਹਿਰ ਦੀ ਸਵੱਛਤਾ ਲਈ ਨਾਗਰਿਕਾਂ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਰਫ਼ ਇੱਕ ਮਹੀਨੇ ਵਿੱਚ ਨਗਰ ਨਿਗਮ ਨੇ ਸ਼ਹਿਰ ਦੇ ਵੱਖੋ-ਵੱਖਰੇ 40 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਕਵਰ ਕੀਤਾ ਹੈ। ਅਗਲੇ ਤਿੰਨ ਮਹੀਨਿਆਂ ਦੌਰਾਨ 200 ਤੋਂ ਵੱਧ ਸਕੂਲਾਂ ਨੂੰ ਕਵਰ ਕਰਨ ਲਈ ਟੀਚਾ ਮਿਥਿਆ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੋਂ ਹੀ ਸਵੱਛਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਉਦੇਸ਼ ਨੂੰ ਪੂਰਾ ਕਰਨ ਲਈ ਸਕੂਲਾਂ ਦੇ ਵਿਦਿਆਰਥੀ ਵੱਡਾ ਯੋਗਦਾਨ ਪਾ ਸਕਦੇ ਹਨ।
ਸਕੂਲਾਂ ਵਿੱਚ ਕੀਤੇ ਜਾ ਰਹੇ ‘ਸਵੱਛਤਾ ਕੀ ਪਾਠਸ਼ਾਲਾ’ ਪ੍ਰੋਗਰਾਮਾਂ ਲਈ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਸਣੇ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਰੂ-ਬ-ਰੂ ਕਰ ਰਹੇ ਹਨ। ਇਸ ਦੌਰਾਨ ਕੂੜੇ ਦੇ ਵਾਤਾਵਰਨ ’ਤੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਹੋਮ ਕੰਪੋਸਟਿੰਗ ਦੇ ਪ੍ਰਾਜੈਕਟ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਿਵੇਂ ਕੀਤਾ ਜਾ ਸਕਦਾ ਹੈ, ਇਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੁਹਿੰਮ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਵਿਦਿਆਰਥੀਆਂ ਲਈ ਮੁਕਾਬਲੇ ਕਰਵਾਉਣ।
ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਇਹ ਮੁਹਿੰਮ ਸ਼ਹਿਰ ਦੇ 100 ਫ਼ੀਸਦ ਕੂੜੇ ਦੀ ਪ੍ਰਾਸੈਸਿੰਗ ਕਰਨ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਨਿਗਮ ਯਕੀਨੀ ਬਣਾਏਗੀ। ਚੰਡੀਗੜ੍ਹ ਸ਼ਹਿਰ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਸਾਫ਼ ਸੁਥਰੇ ਸ਼ਹਿਰ ਵਜੋਂ ਉੱਭਰੇਗਾ।