Municipal Elections: ਚੰਡੀਗੜ੍ਹ ਕਾਂਗਰਸ ਨੇ ਹਿਮਾਚਲ ਸੈੱਲ ਬਣਾਇਆ
ਅੰਕੁਰਾਜ ਠਾਕੁਰ ਨੂੰ ਹਿਮਾਚਲ ਸੈੱਲ ਦਾ ਕਨਵੀਨਰ ਬਣਾਇਆ
ਚੰਡੀਗੜ੍ਹ ਨਗਰ ਨਿਗਮ ਦੀ ਚੋਣ ਨੇੜੇ ਆਉਂਦੀ ਦੇਖ ਕਾਂਗਰਸ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਨਾਲ ਜੋੜਨ ਲਈ ਹਿਮਾਚਲ ਸੈੱਲ ਬਣਾਇਆ ਗਿਆ। ਇਸ ਦਾ ਐਲਾਨ ਅੱਜ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਸੈਕਟਰ 35 ਸਥਿਤ ਕਾਂਗਰਸ ਭਵਨ ਵਿੱਚ ਕੀਤਾ। ਲੱਕੀ ਨੇ ਅੰਕੁਰਾਜ ਠਾਕੁਰ ਨੂੰ ਚੰਡੀਗੜ੍ਹ ਕਾਂਗਰਸ ਦੇ ਹਿਮਾਚਲ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਹੈ, ਜਦੋਂ ਕਿ ਬਾਕੀ ਜਥੇਬੰਧਕ ਢਾਂਚੇ ਦਾ ਜਲਦ ਐਲਾਨ ਕੀਤਾ ਜਾਵੇਗਾ।
ਲੱਕੀ ਨੇ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ। ਸ੍ਰੀ ਲੱਕੀ ਨੇ ਕਿਹਾ ਕਿ ਵਰਤਮਾਨ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਲੋਕ-ਭਲਾਈ ਅਤੇ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ। ਇਸੇ ਸੋਚ ਨਾਲ ਚੰਡੀਗੜ੍ਹ ਵਿੱਚ ਰਹਿ ਰਹੇ ਹਿਮਾਚਲ ਮੂਲ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਵੀ ਕਾਂਗਰਸ ਪੂਰੀ ਮਜ਼ਬੂਤੀ ਨਾਲ ਉਠਾਏਗੀ।
ਕਾਂਗਰਸ ਦੇ ਹਿਮਾਚਲ ਸੈੱਲ ਦੇ ਕਨਵੀਨਰ ਅੰਕੁਰਾਜ ਠਾਕੁਰ ਨੇ ਲੱਕੀ ਤੇ ਹੋਰਨਾਂ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਚੰਡੀਗੜ੍ਹ ਵਿੱਚ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਪ੍ਰੀਤਰਾਜ ਕੰਗ, ਮਨੋਜ ਲੋਬਾਨਾ ਅਤੇ ਆਯੂਸ਼ ਬਿਸ਼ਨੋਈ ਹਾਜ਼ਰ ਸਨ।
