ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਤਾਲਾਬੰਦੀ ਦੌਰਾਨ ਭਾਜਪਾ ਵੱਲੋਂ ਦੇਸ਼ ਭਰ ਵਿੱਚ ਕੀਤੇ ਗਏ ਕੰਮਾਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੱਲੋਂ ਸਮੂਹ ਸੂਬਾ ਪ੍ਰਧਾਨਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਰਾਸ਼ਟਰੀ ਪਰਿਸ਼ਦ ਮੈਂਬਰ ਸੰਜੇ ਟੰਡਨ, ਮੇਅਰ ਰਾਜਬਾਲਾ ਮਲਿਕ ਤੇ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਸੂਬਾ ਪ੍ਰਧਾਨਾਂ ਨੇ ਤਾਲਾਬੰਦੀ ਦੌਰਾਨ ਕੀਤੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਮਗਰੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਚੰਡੀਗੜ੍ਹ ਭਾਜਪਾ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਤੋਂ ਲੈ ਕੇ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਉਣ ਤੱਕ ਦੇ ਕੰਮਾਂ ਦੀ ਸ਼ਲਾਘਾ ਕੀਤੀ। ਭਾਜਪਾ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਚੰਡੀਗੜ੍ਹ ਭਾਜਪਾ ਨੇ ਤਾਲਾਬੰਦੀ ਦੌਰਾਨ 52 ਰਸੋਈ ਰਾਹੀਂ 75 ਹਜ਼ਾਰ ਲੋਕਾਂ ਨੂੰ ਰੋਜ਼ਾਨਾ ਖਾਣਾ ਪਹੁੰਚਾਇਆ, 11652 ਲੋਕਾਂ ਨੂੰ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਦਿੱਤਾ।