ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਸੈਕਟਰ-8 ਦੇ ਗੁਰਦੁਆਰੇ ਤੋਂ ਸ਼ੁਰੂ ਹੋਏ ਨਗਰ ਕੀਰਤਨ ’ਚ ਮਨੀਸ਼ ਤਿਵਾੜੀ ਤੇ ਲੱਕੀ ਨਤਮਸਤਕ
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਇੱਥੇ ਸੈਕਟਰ-8 ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ।
ਸੈਕਟਰ-8 ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਦੇ ਪ੍ਰਧਾਨ ਤਾਰਾ ਸਿੰਘ, ਸਕੱਤਰ ਜਨਰਲ ਰਘੁਬੀਰ ਸਿੰਘ, ਗੁਰਦੁਆਰਾ ਸੈਕਟਰ-34 ਤੋਂ ਤੇਜਵੰਤ ਸਿੰਘ ਗਿੱਲ, ਸਤਨਾਮ ਸਿੰਘ, ਗੁਰਦੁਆਰਾ ਸੈਕਟਰ-22 ਤੋਂ ਗੁਰਜੋਤ ਸਿੰਘ ਸਾਹਨੀ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਐੱਚ ਐੱਸ ਲੱਕੀ ਨੇ ਵੀ ਨਗਰ ਕੀਰਤਨ ਵਿੱਚ ਮੱਥਾ ਟੇਕਿਆ ਅਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਸੈਕਟਰ-8 ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸੈਕਟਰ 9, 10, 11, ਪੀ ਜੀ ਆਈ ਦੀ ਡਿਵਾਈਡਿੰਗ ਰੋਡ, 15, 16, ਬਾਲ ਭਵਨ ਸੈਕਟਰ-23 ਵਿੱਚੋਂ ਦੀ ਹੁੰਦਾ ਹੋਇਆ ਸੈਕਟਰ-22 ਸਥਿਤ ਗੁਰਦੁਆਰੇ ਵਿੱਚ ਜਾ ਕੇ ਸੰਪੂਰਨ ਹੋਇਆ। ਕੀਰਤਨੀ ਜਥਿਆਂ ਨੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸੰਗਤ ਨੂੰ ਸਤਿਨਾਮ ਵਾਹਿਗੁਰੂ ਦਾ ਸਿਮਰਨ ਕਰਵਾਇਆ। ਗਤਕਾ ਪਾਰਟੀਆਂ ਨੇ ਜੌਹਰ ਦਿਖਾਏ। ਰਾਹ ਵਿੱਚ ਜਗ੍ਹਾ-ਜਗ੍ਹਾ ਸੰਗਤ ਲਈ ਲੰਗਰ ਲਗਾਏ ਹੋਏ ਸਨ।