ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਇਥੇ ਅੱਜ ਗੁਰੂ ਹਰਕ੍ਰਿਸ਼ਨ ਸਾਹਿਬ ਨੌਜਵਾਨ ਸਭਾ ਵੱਲੋਂ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀਆਂ ਤੋਂ ਨਗਰ ਕੀਰਤਨ ਸਜਾਇਆ ਗਿਆ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਵੇਰੇ 5 ਵਜੇ ਗੁਰਦੁਆਰਾ ਬੀਬੀਆਂ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਗੁਰਦੁਆਰਾ ਕਲੋਟੀ ਨਗਰ, ਗੁਰਦੁਆਰਾ ਸੰਤ ਪ੍ਰੇਮ ਸਿੰਘ ਨਗਰ, ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਅਤੇ ਗੁਰਦੁਆਰਾ ਰਾਮਗੜ੍ਹੀਆ ਵਿੱਚ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਭਾ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ 20 ਜੁਲਾਈ ਨੂੰ ਗੁਰਦੁਆਰਾ ਬੀਬੀਆਂ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਮਿਲਖਾ ਸਿੰਘ ਮੌਜੀ ਢਾਡੀ ਜੱਥਾ, ਭਾਈ ਮੰਗਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਭਾਈ ਬਲਵਿੰਦਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਮੁੱਖ ਸੇਵਾਦਾਰ ਰਮਨਪ੍ਰੀਤ ਸਿੰਘ ਟਾਂਡਾ, ਮੈਂਬਰ ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਮਨਦੀਪ ਸਿੰਘ ਬੱਬੂ, ਮਨਜੀਤ ਸਿੰਘ ਖਾਲਸਾ ਅਤੇ ਰਵਿੰਦਰ ਸਿੰਘ ਨੇ ਹਾਜ਼ਰੀ ਲਵਾਈ।
