ਸਰਕਾਰੀ ਕਾਲਜਾਂ ਦੇ ਅਧਿਆਪਕਾਂ ਦੇ ਨਾਂ ਵੋਟਰ ਸੂਚੀਆਂ ’ਚੋਂ ਕੱਟੇ
ਸਾਬਕਾ ਸੈਨੇਟਰ ਨੇ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ
Advertisement
ਇੱਥੋਂ ਦੇ ਸਰਕਾਰੀ ਕਾਲਜਾਂ ਦੇ 58 ਸਾਲ ਤੋਂ ਉੱਪਰ ਦੇ ਅਧਿਆਪਕਾਂ ਦੇ ਨਾਂ ਅਧਿਆਪਕ ਚੋਣਾਂ ਵਿੱਚੋਂ ਕੱਟ ਦਿੱਤੇ ਗਏ ਹਨ। ਦਰਅਸਲ, ਪੰਜਾਬ ਯੂਨੀਵਰਸਿਟੀ ਅਕੈਡਮਿਕ ਕਾਊਂਸਿਲ ਚੋਣਾਂ ਅਗਲੇ ਸਾਲ ਜਨਵਰੀ ਵਿੱਚ ਹੋਣੀਆਂ ਹਨ। ਇਸ ਸਬੰਧੀ ਯੂਨੀਵਰਸਿਟੀ ਨੇ ਕਾਲਜਾਂ ਦੇ ਅਧਿਆਪਕਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਦੇ ਸੀਨੀਅਰ ਪ੍ਰੋਫੈਸਰ ਡਾ. ਇੰਦਰਪਾਲ ਸਿੰਘ ਸਿੱਧੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸਰਕਾਰੀ ਕਾਲਜਾਂ ਦੇ ਲੈਕਚਰਾਰਾਂ ਦੀ ਸੇਵਾਮੁਕਤੀ ਦੀ ਉਮਰ ਹੁਣ 65 ਸਾਲ ਕਰ ਦਿੱਤੀ ਹੈ ਜੋ ਪਹਿਲਾਂ 58 ਸਾਲ ਸੀ। ਇਸ ਕਰ ਕੇ ਇਨ੍ਹਾਂ ਅਧਿਆਪਕਾਂ ਦੇ ਨਾਂ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣ ਤੇ ਇਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਇਹ ਵੀ ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਤੋਂ ਬਾਅਦ ਚੰਡੀਗੜ੍ਹ ਦੇ ਸਰਕਾਰੀ ਕਾਲਜਾਂ ਵਿੱਚ ਕਈ ਪ੍ਰਿੰਸੀਪਲ ਨੂੰ ਬਦਲ ਦਿੱਤਾ ਗਿਆ ਸੀ ਤੇ ਸੇਵਾਮੁਕਤ ਹੋਏ ਲੈਕਚਰਾਰਾਂ ਨੂੰ ਕਈ ਕਾਲਜਾਂ ਵਿੱਚ ਮੁੜ ਪ੍ਰਿੰਸੀਪਲ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸ੍ਰੀ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਸੈਨੇਟ ਸਬੰਧੀ ਚੋਣਾਂ ਦਾ ਸ਼ਡਿਊਲ ਵੀ ਜਲਦੀ ਜਾਰੀ ਕਰਨਾ ਚਾਹੀਦਾ ਹੈ ਤੇ ਪੰਜਾਬ ਦੇ ਹਿੱਤ ਯਕੀਨੀ ਬਣਾਉਣੇ ਚਾਹੀਦੇ ਹਨ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਤਕਨੀਕੀ ਗਲਤੀ ਦਰੁੱਸਤ ਕਰ ਕੇ ਜਲਦੀ ਸੋਧ ਕੀਤੀ ਜਾਵੇਗੀ।
Advertisement
Advertisement
