ਦਿੱਲੀ ਤੇ ਆਨੰਦਪੁਰ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਦੀ ਲੋੜ: ਸੰਧੂ
ਦਿੱਲੀ ਦੇ ਉਪ ਰਾਜਪਾਲ ਨੇ ਇਤਿਹਾਸਕ ਗੁਰਧਾਮਾਂ ’ਚ ਮੱਥਾ ਟੇਕਿਆ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਦਿੱਲੀ ਦੇ ਇਤਿਹਾਸਕ ਸਬੰਧਾਂ ਦਾ ਜ਼ਿਕਰ ਕਰਦਿਆਂ ਦੋਵਾਂ ਵਿਚਕਾਰ ਧਾਰਮਿਕ, ਸੱਭਿਆਚਾਰਕ ਅਤੇ ਵਿਰਾਸਤੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਨੇ ਵਸਾਇਆ ਸੀ ਅਤੇ ਦਿੱਲੀ ਦਾ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਅਟੁੱਟ ਸਬੰਧ ਹੈ। ਉਹ ਚਾਹੁੰਦੇ ਹਨ ਕਿ ਦਿੱਲੀ ਅਤੇ ਆਨੰਦਪੁਰ ਸਾਹਿਬ ਵਿਚਕਾਰ ਪੁਰਾਣੀ ਨੇੜਤਾ ਅਤੇ ਸਾਂਝ ਨੂੰ ਨਵੀਂ ਮਜ਼ਬੂਤੀ ਮਿਲੇ। ਦਿੱਲੀ ਦੇ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਨਗਰੀ ਦੇ ਦਰਸ਼ਨਾਂ ਲਈ ਆਉਣ ਅਤੇ ਪੰਜਾਬ ਦੇ ਲੋਕ ਵੀ ਦਿੱਲੀ ਦੇ ਇਤਿਹਾਸਕ ਧਾਰਮਿਕ ਸਥਾਨਾਂ ਨਾਲ ਜੁੜਨ। ਇਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਰਾਮ ਸਿੰਘ, ਅਕਾਲੀ ਆਗੂ ਹਰਦੇਵ ਸਿੰਘ ਦੇਬੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

