Nepal, Floods: ਨੇਪਾਲ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਨੇ ਵੱਡੀ ਗਿਣਤੀ ਲੋਕਾਂ ਦੇ ਘਰ ਤਬਾਹ ਕਰ ਦਿੱਤੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਜਿਹੇ ਵਿੱਚ ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰੈੱਡ ਕਰਾਸ...
ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਨੇ ਵੱਡੀ ਗਿਣਤੀ ਲੋਕਾਂ ਦੇ ਘਰ ਤਬਾਹ ਕਰ ਦਿੱਤੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਜਿਹੇ ਵਿੱਚ ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰੈੱਡ ਕਰਾਸ ਵੱਲੋਂ ਰਾਹਤ ਸਮੱਗਰੀ ਦੇ ਤਿੰਨ ਟਰੱਕਾਂ ਨੂੰ ਨੇਪਾਲ ਲਈ ਰਵਾਨਾ ਕੀਤਾ। ਇਨ੍ਹਾਂ ਤਿੰਨਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਖਾਦ ਸਮੱਗਰੀ, ਰਾਸ਼ਨ, ਕੱਪੜੇ ਅਤੇ ਹੋਰ ਲੋੜੀਂਦੀ ਰਾਹਤ ਸਮੱਗਰੀ ਸ਼ਾਮਲ ਹੈ।
ਸ੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਰੈੱਡ ਕ੍ਰਾਸ ਅਤੇ ਪੰਜਾਬ ਦੇ ਲੋਕ ਨੇਪਾਲ ਦੇ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਨਾਲ ਖੜ੍ਹੇ ਹਨ। ਨੇਪਾਲ ਭਾਰਤ ਦਾ ਦੋਸਤ ਅਤੇ ਗੁਆਂਢੀ ਦੇਸ਼ ਹੈ। ਸੰਕਟ ਦੀ ਇਸ ਘੜੀ ਵਿੱਚ ਉੱਥੋਂ ਦੇ ਲੋਕਾਂ ਦੀ ਸਹਾਇਤਾ ਕਰਨਾ ਸਾਡਾ ਮਨੁੱਖੀ ਫ਼ਰਜ਼ ਹੈ। ਪੰਜਾਬ ਰੈੱਡ ਕਰਾਸ ਵੱਲੋਂ ਨੇਪਾਲ ਰੈੱਡ ਕਰਾਸ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਨੇਪਾਲ ਵਿੱਚ ਰਾਹਤ ਕਾਰਜਾਂ ਲਈ ਲੋੜੀਂਦੀਆਂ ਵਸਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਕੇ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੈਡ ਕਰਾਸ ਵੱਲੋਂ ਨੇਪਾਲ ਲਈ 80 ਲੱਖ ਰੁਪਏ ਤੋਂ 1 ਕਰੋੜ ਰੁਪਏ ਤੱਕ ਦੀ ਰਾਹਤ ਸਮੱਗਰੀ ਭੇਜਣ ਦੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਨੇਪਾਲ ਵਿੱਚ ਆਈ ਕੁਦਰਤੀ ਆਫ਼ਤ ਲਈ ਅੱਗੇ ਵਧ ਕੇ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਈ ਸੰਸਥਾਵਾਂ ਅਤੇ ਵਿਅਕਤੀਆਂ ਵੱਲੋਂ ਰਾਹਤ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਪੰਜਾਬ ਰੈੱਡ ਕਰਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਤੇ ਚੰਡੀਗੜ੍ਹ ਤੋਂ ਹੋਰ ਵੀ ਰਾਹਤ ਸਾਮੱਗਰੀ ਨੇਪਾਲ ਭੇਜੀ ਜਾਵੇਗੀ।

