ਨਵੀਂ ਲੈਂਡ ਪੂਲਿੰਗ ਸਕੀਮ ਕਿਸਾਨ ਵਿਰੋਧੀ: ਬਰਾੜ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 8 ਜੁਲਾਈ
ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਦੱਸਦਿਆਂ ਇਸ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਹ ਅੱਜ ਇੱਥੋਂ ਦੇ ਸੈਕਟਰ-78 ਵਿੱਚ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਸੂਬਾਈ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਕਿਸਾਨਾਂ ਲਈ ਨਹੀਂ, ਸਗੋਂ ਕਾਰਪੋਰੇਟਾਂ ਅਤੇ ਵੱਡੀਆਂ ਕੰਪਨੀਆਂ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਕੋਲੋਂ ਜ਼ਮੀਨਾਂ ਮੁਫ਼ਤ ਦੇ ਭਾਅ ਵਿੱਚ ਖੋਹੀਆਂ ਜਾ ਰਹੀਆਂ ਹਨ ਜਦੋਂਕਿ ਵੱਡੇ ਘਰਾਣਿਆਂ ਨੂੰ ਸੱਠ ਫ਼ੀਸਦੀ ਤੱਕ ਜ਼ਮੀਨ ਵਿਕਸਿਤ ਕਰ ਕੇ ਵਾਪਸ ਦਿੱਤੀ ਜਾ ਰਹੀ ਹੈ।
ਸ੍ਰੀ ਬਰਾੜ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਡੰਮੀ ਮੁੱਖ ਮੰਤਰੀ ਹੈ, ਉਹ ਕੋਈ ਵੀ ਅਜ਼ਾਦਾਨਾ ਤੌਰ ’ਤੇ ਫ਼ੈਸਲਾ ਲੈਣ ਦੀ ਤਾਕਤ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਸੀਪੀਆਈ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਜ਼ਮੀਨ ਖੋਹਣ ਤੋਂ ਰੋਕਣ ਲਈ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਪੀਐੱਫਪੀ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਨੂੰ ਲਾਗੂ ਕਰਨ ਵਿੱਚ ਸਰਕਾਰ ਦੀ ਨੀਅਤ ਠੀਕ ਨਹੀਂ ਜਾਪਦੀ। ਇਹ ਨੀਤੀ ਲਾਗੂ ਹੋ ਜਾਂਦੀ ਹੈ ਤਾਂ ਇੱਕ ਤਾਂ ਪੰਜਾਬ ਦਾ ਖੇਤੀ ਵਾਲਾ ਰਕਬਾ ਹੋਰ ਘਟੇਗਾ ਅਤੇ ਕਿਸਾਨਾਂ ਦੀ ਆਮਦਨ ਵੀ ਘਟ ਜਾਵੇਗੀ। ਉਨ੍ਹਾਂ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੂੰ ਲੈਂਡ ਪੂਲਿੰਗ ਦੇ ਵਿਰੋਧ ਵਿੱਚ ਇਕਜੁੱਟ ਹੋ ਕੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ।
ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ, ਸੀਪੀਆਈ ਆਗੂ ਮਹਿੰਦਰ ਪਾਲ ਸਿੰਘ ਅਤੇ ਪ੍ਰੋਗਰੈਸਿਵ ਫਰੰਟ ਦੇ ਜਨਰਲ ਸਕੱਤਰ ਇੰਸਪੈਕਟਰ ਰਿਟਾਇਰਡ ਮਹਿੰਦਰ ਸਿੰਘ ਮਨੌਲੀ ਸੂਰਤ ਵੀ ਹਾਜ਼ਰ ਸਨ।