ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਅਕਤੂਬਰ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖ਼ਾਹਾਂ (6 ਹਜ਼ਾਰ ਰੁਪਏ) ਉੱਤੇ ਕੰਮ ਕਰ ਰਹੇ ਈਜੀਐਸ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੂਬਾ ਸਰਕਾਰ ਦੇ ਤਰਲੇ ਕੱਢ ਰਹੇ ਹਨ। ਈਜੀਐਸ, ਏਆਈਈ ਅਤੇ ਐਸਟੀਆਰ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨਿਸ਼ਾਂਤ ਕੁਮਾਰ ਕਪੂਰਥਲਾ ਨੇ ਦੱਸਿਆ ਕਿ ਬੀਤੀ 22 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਖਰੜ ਪ੍ਰਸ਼ਾਸਨ ਵੱਲੋਂ ਪੈਨਲ ਮੀਟਿੰਗ ਤੈਅ ਕਰਵਾਈ ਗਈ ਸੀ, ਜਿਸ ਦਾ ਪੱਤਰ ਵੀ ਜਾਰੀ ਕੀਤਾ ਗਿਆ ਸੀ। ਇਸ ਮੀਟਿੰਗ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਆਗੂ ਪਹੁੰਚੇ ਸਨ, ਪਰ ਗਰੀਬਾਂ ਦਾ ਮਸੀਹਾ ਅਤੇ ਬੇਰੁਜ਼ਗਾਰਾਂ ਦਾ ਭਰਾ ਕਹਾਉਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ ਅਤੇ ਪ੍ਰਸ਼ਾਸਨ ਨੇ ਵੀ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ।
ਅਧਿਆਪਕ ਆਗੂ ਨਿਸ਼ਾਂਤ ਕੁਮਾਰ ਨੇ ਦੱਸਿਆ ਕਿ ਉਹ ਮੀਟਿੰਗ ਵਿੱਚ ਬੁਲਾਏ ਜਾਣ ’ਤੇ ਕਪੂਰਥਲਾ ਤੋਂ ਚੰਡੀਗੜ੍ਹ ਗਏ ਸਨ। ਉਦੋਂ ਉਨ੍ਹਾਂ ਨੂੰ ਬਹੁਤ ਹੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ 26 ਅਕਤੂਬਰ ਤੱਕ ਅਧਿਆਪਕ ਆਗੂਆਂ ਨੂੰ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਸਬੰਧੀ ਲਿਖਤੀ ਭਰੋਸਾ ਨਾ ਦਿੱਤਾ ਗਿਆ ਤਾਂ ਉਹ ਆਪਣੇ ਪਰਿਵਾਰਕ ਹਾਲਾਤਾਂ ਦੀ ਪ੍ਰੇਸ਼ਾਨੀ ਕਾਰਨ ਗੁਪਤ ਐਕਸ਼ਨ ਕਰਦੇ ਹੋਏ ਛੇਤੀ ਹੀ ਮੁੱਖ ਮੰਤਰੀ ਦੀ ਕੋਠੀ ਬਾਹਰ ਆਤਮਦਾਹ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਈ-ਮੇਲ ’ਤੇ ਵੀ ਖ਼ੁਦਕੁਸ਼ੀ ਕਰਨ ਸਬੰਧੀ ਅਗਾਊਂ ਜਾਣਕਾਰੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਮੁੱਖ ਮੰਤਰੀ ਚੰਨੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।