ਪੁਲੀਸ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਕੋਈ ਗ਼ੈਰ-ਕਾਨੂੰਨੀ ਧੰਦਾ ਨਹੀਂ ਚਲਦਾ: ਕਟਾਰੀਆ
ਪ੍ਰਸ਼ਾਸਕ ਨੇ 30 ਤੱਕ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥਿਆ
ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲੀਸ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਚੰਡੀਗੜ੍ਹ ਵਿੱਚ ਨਸ਼ਿਆਂ ਦੀ ਵਿਕਰੀ ਹੁੰਦੀ ਹੈ ਤਾਂ ਇਸ ਲਈ ਸਬੰਧਿਤ ਐੱਸ ਐੱਚ ਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ੍ਰੀ ਕਟਾਰੀਆ ਨੇ ਇਹ ਪ੍ਰਗਟਾਵਾ ਦਿ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਵੱਲੋਂ ਸੈਕਟਰ 37 ਸਥਿਤ ਲਾਅ ਭਵਨ ਵਿੱਚ ਪਹਿਲੀ ਵਰ੍ਹੇਗੰਢ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪੁਲੀਸ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਕੋਈ ਵੀ ਗ਼ੈਰ-ਕਾਨੂੰਨੀ ਧੰਦਾ ਨਹੀਂ ਚਲਦਾ ਹੈ। ਇਸੇ ਲਈ ਪੁਲੀਸ ਅਤੇ ਪ੍ਰਸ਼ਾਸਨ ਨੂੰ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸ਼ਹਿਰ ਵਿੱਚੋਂ ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਕੀਤਾ ਜਾਵੇਗਾ।
ਸ੍ਰੀ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸਾਰੇ ਥਾਣਾ ਮੁਖੀਆਂ ਨੂੰ 16 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਯਕੀਨੀ ਬਣਾ ਸਕਣ। ਇਸ ਤੋਂ ਬਾਅਦ 16 ਸਤੰਬਰ ਤੋਂ 30 ਸਤੰਬਰ ਤੱਕ ਪ੍ਰਸ਼ਾਸਨ ਦੀਆਂ ਗੁਪਤ ਟੀਮਾਂ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ ਅਤੇ 30 ਸਤੰਬਰ ਤੱਕ ਸ਼ਹਿਰ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਸ੍ਰੀ ਕਟਾਰੀਆ ਨੇ ਕਿਹਾ ਕਿ ਅੱਜ ਨਸ਼ੀਲੇ ਪਦਾਰਥ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪਹੁੰਚ ਚੁੱਕੇ ਹਨ, ਜੋ ਕਿ ਬਹੁਤ ਗੰਭੀਰ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਿਰਫ਼ ਪੁਲੀਸ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਹੈ, ਇਸ ਲਈ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਯੂ ਟੀ ਪ੍ਰਸ਼ਾਸਕ ਨੇ ਕਿਹਾ ਕਿ ਪੱਤਰਕਾਰਾਂ ਬਿਨਾਂ ਖੁਸ਼ਹਾਲ ਸਮਾਜ ਦੀ ਸਿਰਜਨਾ ਕਰਨਾ ਮੁਸ਼ਕਲ ਹੈ। ਜੋ ਕੰਮ ਤਲਵਾਰ ਨਹੀਂ ਕਰ ਸਕਦੀ, ਉਹ ਪੱਤਰਕਾਰਾਂ ਦੀ ਕਲਮ ਕਰ ਦਿੰਦੀ ਹੈ। ਇਸ ਲਈ ਪੱਤਰਕਾਰਾਂ ਨੂੰ ਆਪਣੀ ਡਿਊਟੀ ਨੂੰ ਜ਼ਿੰਮੇਵਾਰੀ ਨਾਲ ਨਿਭਾਉਂਦਿਆਂ ਸਮਾਜ ਹਿੱਤ ਵਿੱਚ ਕਾਰਜ ਕਰਨਾ ਚਾਹੀਦਾ ਹੈ।
ਇਸ ਤੋਂ ਬਾਅਦ ਸੀਨੀਅਰ ਪੱਤਰਕਾਰ ਰਮੇਸ਼ ਵਿਨਾਇਕ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਅਤੇ ਸਿਆਸੀ ਦਬਾਅ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਪ੍ਰਿੰਟ ਮੀਡੀਆ ਦੀ ਭਰੋਸਾਯੋਗਤਾ ਸਭ ਤੋਂ ਵਧੇਰੇ ਹੈ ਅਤੇ ਇਹ ਕਦੇ ਖ਼ਤਮ ਨਹੀਂ ਹੋ ਸਕਦੀ। ਇਸ ਮੌਕੇ ਸੀਨੀਅਰ ਪੱਤਰਕਾਰਾਂ ਨੇ ਵਿਚਾਰ ਸਾਂਝੇ ਕੀਤੇ।

