ਪੰਜਾਬੀ ਨਾਲ ਵਿਕਤਰਾ ਸਹਿਣ ਨਹੀਂ: ਪੀਰ ਮੁਹੰਮਦ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਅੰਦਰ ਆਰਮੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕ ਕੇ ਸੰਸਕ੍ਰਿਤ ਲਾਜ਼ਮੀ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਪੰਜਾਬ...
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਅੰਦਰ ਆਰਮੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕ ਕੇ ਸੰਸਕ੍ਰਿਤ ਲਾਜ਼ਮੀ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਪੰਜਾਬ ਚੇਤਨਾ ਮੰਚ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਚ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬੀ ਮਾਂ-ਬੋਲੀ ਨੂੰ ਪਿਆਰ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਸਾਹਿਤਕ ਸਭਾਵਾਂ, ਬੁੱਧੀਜੀਵੀਆਂ ਤੇ ਪੰਜਾਬ ਹਿਤੈਸ਼ੀ ਧਿਰਾਂ ਨੂੰ ਸਾਂਝੇ ਪਲੈਟਫਾਰਮ ’ਤੇ ਇਕੱਠਾ ਕਰਨ ਤਾਂ ਜੋ ਕੋਈ ਠੋਸ ਰਣਨੀਤੀ ਉਲੀਕੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਂਝੇ ਮੋਰਚੇ ਵੱਲੋਂ ਲਏ ਜਾਣ ਵਾਲੇ ਹਰ ਫੈਸਲੇ ਤੇ ਉਲੀਕੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਜਥੇਬੰਦੀ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਸਥਿਤ ਵਿਦਿਅਕ ਅਦਾਰਿਆਂ ਵਿੱਚ ਪੰਜਾਬੀ ਨੂੰ ਇਕ ‘ਵਾਧੂ ਵਿਸ਼ੇ’ ਵਜੋਂ ਪੇਸ਼ ਕਰਨਾ ਅਤੇ ਮਾਪਿਆਂ ਤੋਂ ਜਬਰੀ ਸਹਿਮਤੀ ਪੱਤਰਾਂ ’ਤੇ ਦਸਤਖ਼ਤ ਕਰਵਾ ਕੇ ਬੱਚਿਆਂ ੦ਤੇ ਹੋਰ ਭਾਸ਼ਾਵਾਂ ਥੋਪਣਾ ਸ਼ਰ੍ਹੇਆਮ ਉਲੰਘਣਾ ਹੈ। ਉਨ੍ਹਾਂ ਚਿੰਤਾ ਜਤਾਈ ਕਿ ਫ਼ੌਜੀ ਸਿੱਖਿਆ ਸਭਾ ਵੱਲੋਂ ਪੰਜਾਬੀ ਅਧਿਆਪਕਾਂ ਦੀ ਨਿਯੁਕਤੀ ਲਈ ਵਿਦਿਆਰਥੀਆਂ ਦੀ ਗਿਣਤੀ ਦੀ ਸ਼ਰਤ ਰੱਖਣਾ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿੱਚੋਂ ਬਾਹਰ ਕੱਢਣ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਮਾਮਲੇ ‘ਤੇ ਚੁੱਪ ਨੂੰ ਮੰਦਭਾਗਾ ਦੱਸਦਿਆਂ ਕਿਹਾ, ‘‘ਜੇਕਰ ਸਰਕਾਰ ਨੇ ਤੁਰੰਤ ਦਖ਼ਲ ਦੇ ਕੇ ਆਰਮੀ ਸਕੂਲਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਮਜਬੂਰ ਨਾ ਕੀਤਾ ਤਾਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ ਅਤੇ ਅਸੀਂ ਕਿਸੇ ਵੀ ਕੀਮਤ ’ਤੇ ਪੰਜਾਬੀ ਮਾਂ-ਬੋਲੀ ਨਾਲ ਇਹ ਵਿਤਕਰਾ ਸਹਿਣ ਨਹੀਂ ਕਰਾਂਗੇ।’’

