ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਮਈ
ਸਿਹਤ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ (ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰ ਤੇ ਡਿਸਪੈਂਸਰੀਆਂ) ਵਿੱਚ ਦਵਾਈਆਂ ਦੀ ਘਾਟ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਡਾ. ਪਰਮਿੰਦਰਜੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹ ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਹਨ। ਅੱਜ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਘਾਟ ਜਾਂ ਦਵਾਈਆਂ ਹੋਣ ਦੇ ਬਾਵਜੂਦ ਬਾਹਰੋਂ ਦਵਾਈਆਂ ਮੰਗਵਾਏ ਜਾਣ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਾ. ਪਰਮਿੰਦਰਜੀਤ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਨਾਗਰਿਕ ਦਵਾਈਆਂ ਦੀ ਘਾਟ ਜਾਂ ਦਵਾਈਆਂ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਡਾ. ਪਰਮਿੰਦਰਜੀਤ ਸਿੰਘ ਨੂੰ 98141-67842 ’ਤੇ ਫੋਨ ਕਰ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਨੋਡਲ ਅਫ਼ਸਰ ਨੂੰ ਸ਼ਿਕਾਇਤ ’ਤੇ ਉਸ ਦਾ ਨਿਪਟਾਰਾ ਤੈਅ ਸਮੇਂ ਵਿੱਚ ਕੀਤਾ ਜਾਵੇਗਾ।