ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਮਈ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਪ੍ਰਬੰਧਾਂ ਲਈ ਸਾਰੇ ਕੰਮ ਕਰਨ ਲਈ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਗਿਰੀਸ਼ ਵਰਮਾ (98727-30514) ਨੂੰ ਮੁਹਾਲੀ ਜ਼ਿਲ੍ਹੇ ਦਾ ਨੋਡਲ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨੋਡਲ ਅਫ਼ਸਰ ਵੱਲੋਂ ਮ੍ਰਿਤਕਾਂ ਦੇ ਸਸਕਾਰ ਸਬੰਧੀ ਸੂਚਨਾ ਪ੍ਰਾਪਤ ਕਰਨ ਲਈ ਇੱਕ ਹੈਲਪਲਾਈਨ ਨੰਬਰ (ਸਮੇਤ ਵਟਸਐਪ) ਲਗਾਇਆ ਜਾਵੇਗਾ। ਇਸ ਫੋਨ ਨੰਬਰ ’ਤੇ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਕਾਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਸਬੰਧਤ ਧਿਰਾਂ ਨਾਲ ਤਾਲਮੇਲ ਕਰਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟ ਦੇ ਨੁਮਾਇੰਦਿਆਂ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਤਾਲਮੇਲ ਕਰਕੇ ਅੰਤਿਮ ਸੰਸਕਾਰ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਜੇ ਮ੍ਰਿਤਕ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹੋਵੇ ਅਤੇ ਉਸ ਦੀ ਮੌਤ ਹੋਰ ਜ਼ਿਲ੍ਹੇ ਦੇ ਹਸਪਤਾਲ ਵਿੱਚ ਹੋ ਜਾਂਦੀ ਹੈ ਤਾਂ ਉਸ ਦਾ ਅੰਤਿਮ ਸੰਸਕਾਰ ਜੱਦੀ ਜ਼ਿਲ੍ਹੇ ਵਿੱਚ ਕਰਨ ਲਈ ਬਣਦੇ ਪ੍ਰਬੰਧ ਕੀਤੇ ਜਾਣਗੇ। ਇਸ ਕੰਮ ਲਈ ਜ਼ਿਲ੍ਹੇ ਦੇ ਸਾਰੇ ਕਾਰਜਸਾਧਕ ਅਫ਼ਸਰ/ਬੀਡੀਪੀਓ ਨੋਡਲ ਅਫ਼ਸਰ ਨੂੰ ਬਣਦਾ ਸਹਿਯੋਗ ਦੇਣਾ ਯਕੀਨੀ ਬਣਾਉਣਗੇ। ਸਾਰੇ ਸ਼ਮਸ਼ਾਨਘਾਟਾਂ ਦੀ ਲਿਸਟ ਪ੍ਰਮੁੱਖ ਥਾਵਾਂ ’ਤੇ ਲਗਾਈ ਜਾਵੇ ਤਾਂ ਜੋ ਇਸ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਮਿਲ ਸਕੇ।
ਡੀਐੱਸਪੀ ਵੱਲੋਂ ਮੋਟਰ ਮਾਰਕੀਟ ਦੇ ਨੁਮਾਇੰਦਿਆਂ ਨਾਲ ਮੀਟਿੰਗ
ਐੱਸਏਐੱਸ ਨਗਰ (ਪੱਤਰ ਪ੍ਰੇਰਕ): ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਸੋਮਵਾਰ ਨੂੰ ਮੁਹਾਲੀ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡੀਐੱਸਪੀ ਨੇ ਦੱਸਿਆ ਕਿ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਮੋਟਰ ਮਾਰਕੀਟ ਵਿੱਚ ਕੰਮ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਬਸ਼ਰਤੇ ਉੱਥੇ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੋਟਰ ਮਕੈਨਿਕ ਵਾਰੋ ਵਾਰੀ ਸਬੰਧਤ ਵਾਹਨ ਮਾਲਕਾਂ ਨੂੰ ਵਾਹਨਾਂ ਦੀ ਮੁਰੰਮਤ ਲਈ ਫੋਨ ਕਰਕੇ ਬੁਲਾਉਣਗੇ। ਇਸ ਦੇ ਨਾਲ ਹੀ ਭਲਕੇ ਮੰਗਲਵਾਰ ਨੂੰ ਮੋਟਰ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਅਤੇ ਮਕੈਨਿਕਾਂ ਦੀ ਵੈਕਸੀਨੇਸ਼ਨ ਕਰਵਾਈ ਜਾਵੇਗੀ। ਡੀਐੱਸਪੀ ਸੰਧੂ ਨੇ ਦੱਸਿਆ ਕਿ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਕੋਵਿਡ ਪਾਸ ਬਣਾਉਣ ਬਾਰੇ ਚਰਚਾ ਕੀਤੀ ਗਈ।