ਕੁਲਦੀਪ ਸਿੰਘ
ਚੰਡੀਗੜ੍ਹ, 20 ਨਵੰਬਰ
ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ਕੌਮੀ ਸਿੱਖਿਆ ਨੀਤੀ-2020 ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਬਾਰੇ ਉੱਤਰੀ ਜ਼ੋਨ ਦੇ ਵਾਈਸ ਚਾਂਸਲਰਾਂ ਦੀ ਕਾਨਫਰੰਸ 22-23 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ 200 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਹੋਣ ਵਾਲੀ ਇਸ ਕਾਨਫ਼ਰੰਸ ਵਿੱਚ ਯੂਜੀਸੀ ਦੇ ਚੇਅਰਪਰਸਨ ਵੀ ਸ਼ਿਰਕਤ ਕਰਨਗੇ ਅਤੇ 10 ਵੱਖ-ਵੱਖ ਥੀਮਜ਼ ’ਤੇ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਣੂ ਵਿੱਗ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਯੂਜੀਸੀ ਕੌਮੀ ਸਿੱਖਿਆ ਨੀਤੀ-2020 ਲਾਗੂਕਰਨ ਲਈ ਯਤਨਸ਼ੀਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨੀਤੀ ਦਾ ਲਾਭ ਇੱਛੁਕ ਨੌਜਵਾਨਾਂ ਦੇ ਇੱਕ ਵੱਡੇ ਹਿੱਸੇ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਨਵੀਂ ਕੌਮੀ ਸਿੱਖਿਆ ਨੀਤੀ ਦੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਯੋਜਨਾ ਤਿਆਰ ਕਰਨ ਵਾਸਤੇ ਯੂਨੀਵਰਸਿਟੀਜ਼ ਦੀ ਸਹੂਲਤ ਲਈ ਯੂਜੀਸੀ ਨੇ ਕੇਂਦਰੀ ਯੂਨੀਵਰਸਿਟੀਆਂ, ਸੂਬਾਈ ਯੂਨੀਵਰਸਿਟੀਆਂ, ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਡੀਮਡ-ਟੂ-ਬੀ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਪੰਜ ਜ਼ੋਨਲ ਕਮੇਟੀਆਂ ਦਾ ਗਠਨ ਕੀਤਾ ਹੈ। ਕਮੇਟੀਆਂ ਦਾ ਗਠਨ ਪੰਜ ਜ਼ੋਨਾਂ ਉੱਤਰੀ, ਉੱਤਰ-ਪੂਰਬੀ, ਪੂਰਬੀ, ਪੱਛਮੀ, ਦੱਖਣੀ ਤੇ ਕੇਂਦਰੀ ਜ਼ੋਨਾਂ ਵਿੱਚ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉੱਤਰੀ ਜ਼ੋਨ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ, ਦਿੱਲੀ ਅਤੇ ਚੰਡੀਗੜ੍ਹ ਸ਼ਾਮਲ ਹਨ।