ਮਜੀਠੀਆ ਖ਼ਿਲਾਫ਼ ਨਸ਼ਿਆਂ ਦਾ ਨਹੀਂ, ਆਮਦਨ ਤੋਂ ਵੱਧ ਜਾਇਦਾਦ ਦਾ ਕੇਸ: ਚੰਨੀ
ਸੰਜੀਵ ਬੱਬੀ/ ਸੰਜੀਵ ਤੇਜਪਾਲ
ਚਮਕੌਰ ਸਾਹਿਬ/ ਮੋਰਿੰਡਾ, 30 ਜੂਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਕਾਰਵਾਈ ਬਾਰੇ ‘ਆਪ’ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦਾ ਨਹੀਂ, ਸਗੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਸਮੇਂ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਨਸ਼ਿਆਂ ਦੇ ਕੇਸ ਨੂੰ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।
ਇੱਥੇ ਸ੍ਰੀ ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਨਸ਼ਿਆਂ ਬਾਰੇ ਦਰਜ ਕੀਤੇ ਕੇਸ ਦਾ ‘ਆਪ’ ਸਰਕਾਰ ਨੇ ਚਲਾਨ ਪੇਸ਼ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਢੇ ਤਿੰਨ ਸਾਲ ਬਾਅਦ ਮਜੀਠੀਆ ਵਿਰੁੱਧ ਜੋ ਕਾਰਵਾਈ ਕੀਤੀ ਗਈ ਹੈ, ਉਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਨਵਾਂ ਕੇਸ ਦਰਜ ਕਰ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਜਾਂਚ ਕਰਨ ਲਈ ਅਧਿਕਾਰਤ ਹੈ, ਨਾ ਕਿ ਨਸ਼ਿਆਂ ਦੇ ਕੇਸਾਂ ਲਈ।’ ਉਨ੍ਹਾਂ ਵਿਧਾਇਕ ਪ੍ਰਗਟ ਸਿੰਘ ਖ਼ਿਲਾਫ਼ ਵੀ ਕੇਸ ਦਰਜ ਕਰਨ ਦਾ ਖਦਸ਼ਾ ਪ੍ਰਗਟਾਇਆ ਹੈ।