ਧਰਮ ਪਰਿਵਰਤਨ 'ਤੇ ਸਿਰਫ਼ ਬਿਆਨਬਾਜ਼ੀ ਨਹੀਂ, ਕਾਰਵਾਈ ਦੀ ਲੋੜ : ਹਰਜਿੰਦਰ ਧਾਮੀ
ਪਾਕਿਸਤਾਨ 'ਚ ਗੁਰਧਾਮਾਂ ਦੀਆਂ ਜਾਇਦਾਦਾਂ ਵੇਚਣ 'ਤੇ ਧਾਮੀ ਨੇ ਜਤਾਈ ਚਿੰਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਧਰਮ ਦਾ ਅਸਲ ਰੂਪ ਕਦੇ ਪਰਿਵਰਤਿਤ ਨਹੀਂ ਹੁੰਦਾ, ਧਰਮ ਸਦਾ ਅਟੱਲ ਅਤੇ ਸਦੀਵੀਂ ਰਹਿੰਦਾ ਹੈ। ਉਨ੍ਹਾਂ ਕਿਹਾ ਕੇ ਕਈ ਵਾਰ ਸਮਾਜਿਕ ਜਾਂ ਆਰਥਿਕ ਹਾਲਾਤਾਂ ਕਰਕੇ ਜੋ ਕੁਝ ਵਾਪਰਦਾ ਹੈ, ਉਸ ਨੂੰ ਧਰਮ ਪਰਿਵਰਤਨ ਕਹਿ ਦਿੱਤਾ ਜਾਂਦਾ ਹੈ, ਜਦਕਿ ਹਕੀਕਤ ਵਿੱਚ ਉਹ “ਲਾਲਚ ਪਰਿਵਰਤਨ” ਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਰਮ ਦਾ ਵਾਧਾ ਸਿਧਾਂਤਾਂ ਅਤੇ ਨਿਮਰਤਾ ਨਾਲ ਹੁੰਦਾ ਹੈ, ਨਾ ਕਿ ਲਾਲਚ ਜਾਂ ਜ਼ਬਰਦਸਤੀ ਨਾਲ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਇਕ ਨੂੰ ਆਪਣੇ ਧਰਮ ਅਨੁਸਾਰ ਜਿਉਂਣ ਦਾ ਅਧਿਕਾਰ ਹੈ, ਪਰ ਜੇ ਕਿਸੇ ਵੱਲੋਂ ਲਾਲਚ ਦੇ ਆਧਾਰ ’ਤੇ ਧਰਮ ਬਦਲਵਾਇਆ ਜਾਂਦਾ ਹੈ ਤਾਂ ਇਹ ਗਲਤ ਹੈ। ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਿਆ ਦਿੰਦਿਆਂ ਕਿਹਾ ਇਸ ਮਾਮਲੇ ’ਚ ਸਿਰਫ਼ ਬਿਆਨਾਂ ਨਾਲ ਕੰਮ ਨਹੀਂ ਚੱਲੇਗਾ, ਸਗੋਂ ਸਹੀ ਢੰਗ ਨਾਲ ਕਾਰਵਾਈ ਕਰਨ ਦੀ ਲੋੜ ਹੈ।
ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਸਿਆਸਤ ਤੋਂ ਉੱਪਰ ਉਠ ਕੇ ਅਸਲੀ ਹਾਲਾਤਾਂ ’ਤੇ ਕੰਮ ਕੀਤਾ ਜਾਵੇ। ਪ੍ਰਧਾਨ ਧਾਮੀ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਲੰਟੀਅਰ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਗੁਰਮਤਿ ਅਧਾਰਿਤ ਜਾਗਰੂਕਤਾ ਫੈਲਾ ਰਹੇ ਹਨ।
ਉਨ੍ਹਾਂ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਨਿਮਾਣਿਆਂ ਨੂੰ ਮਾਣ ਅਤੇ ਨਿਤਾਣਿਆਂ ਨੂੰ ਤਾਣ ਦਿੱਤਾ। ਖਾਲਸਾ ਪੰਥ ਦੀ ਸਥਾਪਨਾ ਸਮੇਂ ਪੰਜ ਪਿਆਰਿਆਂ ਦੀ ਚੋਣ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਧਰਮ ਸਮਾਨਤਾ ਅਤੇ ਉੱਚੇ ਆਦਰਸ਼ਾਂ ’ਤੇ ਆਧਾਰਿਤ ਹੈ।
ਉਨ੍ਹਾਂ ਨੇ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੀਆਂ ਜਾਇਦਾਦਾਂ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਦੱਸਿਆ ਕਿ ਜਦੋਂ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਉਹ ਪਾਕਿਸਤਾਨ ਗਏ ਸਨ, ਤਾਂ ਉਨ੍ਹਾਂ ਨੇ ਉੱਥੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਗੁਰਦੁਆਰਿਆਂ ਦੀ ਸੰਪਤੀ ਅਤੇ ਪ੍ਰਬੰਧ ਬਾਰੇ ਜਾਣਕਾਰੀ ਲਈ ਸੀ।
ਉਨ੍ਹਾਂ ਨੇ ਕਿਹਾ ਕਿ ਗੁਰਧਾਮਾਂ ਦੀ ਜਾਇਦਾਦ ਵੇਚਣ ਦਾ ਕੰਮ ਠੀਕ ਨਹੀਂ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਨ ਕੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸੰਪਤੀ ਦੀ ਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਰਾਮ ਸਿੰਘ, ਸਾਬਕਾ ਮੰਤਰੀ ਸੋਹਣ ਸਿੰਘ ਠੰਡੜ, ਸਾਬਕਾ ਮੈਨੇਜਰ ਕਰਮ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

