ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 20 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਉਹ ਸਰਕਾਰੀ ਸਕੂਲਾਂ ਵਿੱਚ ਬਤੌਰ ਵਿੱਦਿਆ ਮੰਤਰੀ ਛਾਪੇ ਨਹੀਂ ਬਲਕਿ ਜ਼ਮੀਨੀ ਹਕੀਕਤ ਜਾਣਨ ਲਈ ਸਕੂਲਾਂ ’ਚ ਜਾਣਗੇ। ਅਧਿਆਪਕਾਂ ਨੂੰ ਵਿਦੇਸ਼ਾਂ ਦੇ ਸਰਵੋਤਮ ਸੰਸਥਾਨਾਂ ਤੋਂ ਵਿਸ਼ਵ ਪੱਧਰੀ ਸਿਖਲਾਈ ਕਰਵਾਉਣਾ ਵੀ ਮੁੱਖ ਮੁੱਦਾ ਰਹੇਗਾ। ਹਰਜੋਤ ਬੈਂਸ ਨੇ ਅੱਜ ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਤੇ ਸਮਾਰਟ ਸਕੂਲ ਮੁਹਿੰਮ ਵਿੱਚ ਕਾਰਜਸ਼ੀਲ ਸੂਬਾ ਅਤੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸੀ। ਸ੍ਰੀ ਬੈਂਸ ਨੇ ਅਧਿਆਪਕਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਸਭ ਤੋਂ ਪਹਿਲਾਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਚਾਰਦੀਵਾਰੀ, ਪਖਾਨੇ, ਬਿਜਲੀ-ਪਾਣੀ, ਬੈਂਚ ਆਦਿ ਹੋਣ, ਇਸ ਲਈ ਕੁਝ ਪੈਰਾਮੀਟਰ ਨਿਰਧਾਰਿਤ ਕਰਕੇ ਗਰੇਡਿੰਗ ਕਰਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਮੌਜੂਦਾ ਨੀਤੀਆਂ ਵਿੱਚ ਸੁਧਾਰਾਂ ਦੀ ਲੋੜ ਹੈ। ਇਸ ਲਈ ਉਨ੍ਹਾਂ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਅਧਿਆਪਕਾਂ ਦੇ ਵਿਚਾਰ ਅਤੇ ਸੁਝਾਅ ਵੀ ਸੁਣੇ। ਇਸ ਮੌਕੇ ਸਕੂਲ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਡੀਜੀਐੱਸਈ ਈਸ਼ਾ ਕਾਲੀਆ, ਸਕੱਤਰ ਸਵਾਤੀ ਟਿਵਾਣਾ ਅਤੇ ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪਰਿਸ਼ਦ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਡੀਪੀਆਈ (ਐਲੀਮੈਂਟਰੀ) ਹਰਿੰਦਰ ਕੌਰ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।