ਪੱਤਰ ਪ੍ਰੇਰਕ
ਕੁਰਾਲੀ, 10 ਮਾਰਚ
ਹਲਕਾ ਖਰੜ ਤੋਂ ਜੇਤੂ ਰਹੀ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਜਿੱਤ ਤੋਂ ਬਾਅਦ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਲਕਾ ਖਰੜ ਦੇ ਵੋਟਰਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਪੰਜਾਬ ਭਰ ਵਿੱਚ ਮਿਲੇ ਵੱਡੇ ਸਮਰਥਨ ਅਤੇ ਆਪ ਦੀ ਸਰਕਾਰ ਬਣਨ ’ਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੱਡੇ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਬੇਰੋਜ਼ਗਾਰੀ, ਸਿੱਖਿਆ ਵੱਡੇ ਮਸਲੇ ਹਨ ਜਿਨ੍ਹਾਂ ’ਤੇ ਆਪ ਦੀ ਸਰਕਾਰ ਡਟ ਕੇ ਕੰਮ ਕਰੇਗੀ। ਬੀਬਾ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇੱਕ ਕਰਨਗੇ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਪ ਦੀ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਦੀ ਹੋਈ ਜਿੱਤ ਦੀ ਖੁਸ਼ੀ ਵਿੱਚ ਅੱਜ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਵਾਂ ਗਾਉਂ ਦੇ ਹਮਾਇਤੀਆਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਢੋਲਾਂ ਦੀ ਤਾਲ ਉਤੇ ਭੰਗੜੇ ਪਾਏ।