ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਅਗਸਤ
ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਆਮਦ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਵੱਲੋਂ ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਪਣਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਾਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਧਿਕਾਰੀਆਂ ਦੀ ਕੋਰ ਗਰੁੱਪ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਲਾਜ਼ਮੀ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਆਮਦ ਨੂੰ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਆਫ਼ ਗਵਰਨੈਂਸ ਰਿਫਾਰਮਜ਼ (ਡੀਜੀਆਰ) ਨੇ ਇਕ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਵਿਕਸਤ ਕੀਤੀ ਹੈ ਜੋ ਕਿ ਟੈਕਨਾਲੋਜੀ ਦੀ ਵਰਤੋਂ ਰਾਹੀਂ ਸਾਰੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਏਕੀਕ੍ਰਿਤ ਪ੍ਰਣਾਲੀ ਹੈ। ਇਸ ਲਈ ਜਿੱਥੋਂ ਤੱਕ ਸੰਭਵ ਹੋ ਸਕੇ, ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਪੀਜੀਆਰਐਸ ਰਾਹੀਂ ਕੀਤਾ ਜਾਵੇਗਾ। ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਚੰਨੀ ਨੇ ਦੱਸਿਆ ਕਿ ਨਾਗਰਿਕ ਚਾਰ ਤਰੀਕਿਆਂ-ਵੈੱਬ, ਮੋਬਾਈਲ, ਸੇਵਾ ਕੇਂਦਰ ਅਤੇ ਇੱਕ ਕਾਲ ਸੈਂਟਰ ਰਾਹੀਂ ਪੀਜੀਆਰਐਸ ’ਤੇ ਪਹੁੰਚ ਕਰ ਸਕਦੇ ਹਨ। ਪੀਜੀਆਰਐਸ ਦੇ ਆਨਲਾਈਨ ਪੋਰਟਲ ਦੀ ਵਰਤੋਂ ਕਰਦੇ ਹੋਏ, ਇੱਕ ਸ਼ਿਕਾਇਤਕਰਤਾ ਅਸਾਨੀ ਨਾਲ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਆਪਣੀ ਸ਼ਿਕਾਇਤ ਦਾ ਜਵਾਬ ਪ੍ਰਾਪਤ ਕਰ ਸਕਦਾ ਹੈ।