ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਜੁਲਾਈ
ਐੱਨਪੀਏ ਦੇ ਮੁੱਦੇ ’ਤੇ ਸਰਕਾਰ ਦੀ ਟਾਲ ਮਟੋਲ ਨੀਤੀ ਤੋਂ ਖ਼ਫ਼ਾ ਸੰਯੁਕਤ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਡਾਕਟਰਾਂ ਨੇ ਮੁਹਾਲੀ ਸਮੇਤ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੈਡੀਕਲ ਅਤੇ ਵੈਟਰਨਰੀ ਹਸਪਤਾਲਾਂ ਵਿੱਚ ਓਪੀਡੀ ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਉਂਜ ਹੜਤਾਲ ਦੌਰਾਨ ਡਾਕਟਰਾਂ ਨੇ ਇਨਸਾਨੀਅਤ ਦੇ ਨਾਤੇ ਐਮਰਜੈਂਸੀ, ਵੈਟਰੋ ਲੀਗਲ ਅਤੇ ਕੋਵਿਡ ਡਿਊਟੀ ਨਿਭਾਈ। ਮੀਡੀਆ ਇੰਚਾਰਜ ਡਾ. ਸਰਬਦੀਪ ਸਿੰਘ ਨੇ ਦੱਸਿਆ ਕਿ ਰੋਹ ਵਿੱਚ ਆਏ ਡਾਕਟਰਾਂ ਨੇ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦਿਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੀਸੀਐੱਮਐੱਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗਗਨਦੀਪ ਸਿੰਘ, ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਡਾ. ਗਗਨਦੀਪ ਸਿੰਘ ਸ਼ੇਰਗਿੱਲ, ਡੈਂਟਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨਪ੍ਰੀਤ ਕੌਰ, ਆਯੁਰਵੈਦਿਕ ਤੋਂ ਡਾ. ਸੰਜੀਵ ਪਾਠਕ, ਹੋਮਿਓਪੈਥੀ ਤੋਂ ਡਾ. ਬਲਵਿੰਦਰ ਸਿੰਘ, ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ ਤੋਂ ਡਾ. ਦੀਪਇੰਦਰ ਸਿੰਘ ਨੇ ਇਕਸੁਰ ਵਿੱਚ ਬੋਲਦਿਆਂ ਸਰਕਾਰ ਦੇ ਡਾਕਟਰਾਂ ਪ੍ਰਤੀ ਢਿੱਲੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਡਿਊਟੀ ਕੀਤੀ ਹੈ ਅਤੇ ਹੁਣ ਤਨਖ਼ਾਹਾਂ ਘਟਾ ਕੇ ਉਨ੍ਹਾਂ ਨੂੰ ਤੋਹਫ਼ਾ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾਕਟਰਾਂ ਦੇ ਐੱਨਪੀਏ ਦੇ ਮਸਲੇ ਦਾ ਹੱਲ ਤੁਰੰਤ ਨਹੀਂ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੈਡੀਕਲ ਅਤੇ ਵੈਟਰਨਰੀ ਡਾਕਟਰ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ। ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਐੱਨਪੀਏ ਦੇ ਮਸਲੇ ਦਾ ਤੁਰੰਤ ਹੱਲ ਕਰਨ।