NSUI Candle March: ਵਿਦਿਆਰਥੀਆਂ ’ਤੇ ਲਾਠੀਚਾਰਜ ਖ਼ਿਲਾਫ਼ ਐਨ ਐਸ ਯੂ ਆਈ ਵੱਲੋਂ ਕੈਂਡਲ ਮਾਰਚ
ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਐਨ ਐਸ ਯੂ ਆਈ ਵੱਲੋਂ ਸੈਕਟਰ 17 ਪਲਾਜ਼ਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਂਡਲ ਮਾਰਚ ਵੀ ਕੱਢਿਆ।
ਕਾਂਗਰਸ ਪ੍ਰਧਾਨ ਐਚ ਐੱਸ ਲੱਕੀ ਅਤੇ ਯੂਥ ਕਾਂਗਰਸੀ ਆਗੂ ਮਨੋਜ ਲੁਬਾਣਾ ਨੇ ਵੀ ਕੈਂਡਲ ਮਾਰਚ ਵਿੱਚ ਸ਼ਮੂਲੀਅਤ ਕੀਤੀ।
ਐਨ ਐਸ ਯੂ ਆਈ ਆਗੂ ਜਤਿਨ, ਸਚਿਨ ਗਾਲਵ ਆਦਿ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਦਿਆਰਥੀਆਂ ਨੇ ਹੱਥਾਂ ਵਿਚ ਮੋਮਬੱਤੀਆਂ ਫੜ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸੈਕਟਰ 17 ਮਾਰਕੀਟ ਵਿੱਚ ਪੈਦਲ ਮਾਰਚ ਕੀਤਾ।
ਕੈਂਡਲ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਉਨ੍ਹਾਂ ਲੱਖਾਂ ਨੌਜਵਾਨਾਂ ਨਾਲ ਇੱਕਜੁੱਟਤਾ ਪ੍ਰਗਟਾਈ, ਜਿਨ੍ਹਾਂ ਦੇ ਸੁਪਨੇ ਲਗਾਤਾਰ ਹੋ ਰਹੇ ਪੇਪਰ ਲੀਕ ਕਾਰਨ ਟੁੱਟ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਆਪਣਾ ਭਵਿੱਖ ਮੰਗ ਰਿਹਾ ਹੈ ਪਰ ਮੋਦੀ ਸਰਕਾਰ ਉਸ ਨੂੰ ਲਾਠੀਆਂ, ਅੱਥਰੂ ਗੈਸ ਅਤੇ ਝੂਠੇ ਕੇਸ ਦੇ ਰਹੀ ਹੈ।
ਇਸ ਮੌਕੇ ਐਚ.ਐਸ. ਲੱਕੀ ਨੇ ਕਿਹਾ ਕਿ ਪੇਪਰ ਲੀਕ ਹੁਣ ਕੋਈ ਅਪਵਾਦ ਨਹੀਂ ਰਹਿ ਗਿਆ, ਸਗੋਂ ਮੋਦੀ ਸਰਕਾਰ ਦੇ ਸ਼ਾਸਨ ਦੀ ਪਹਿਚਾਣ ਬਣ ਗਿਆ ਹੈ। ਕਰੋੜਾਂ ਵਿਦਿਆਰਥੀ ਸਾਲਾਂ ਤੱਕ ਸਖ਼ਤ ਮਿਹਨਤ ਕਰਦੇ ਹਨ, ਪਰ ਸਰਕਾਰ ਦੀ ਨਾਕਾਮੀ ਅਤੇ ਪੇਪਰ ਲੀਕ ਮਾਫ਼ੀਆ ਨਾਲ ਮਿਲੀਭੁਗਤ ਉਨ੍ਹਾਂ ਦੇ ਸੁਪਨਿਆਂ ਨੂੰ ਕੁਚਲ ਦਿੰਦੀ ਹੈ। ਜਦੋਂ ਇਹੀ ਵਿਦਿਆਰਥੀ ਲੋਕਤੰਤਰੀ ਢੰਗ ਨਾਲ ਇਨਸਾਫ਼ ਮੰਗਣ ਲਈ ਸੜਕਾਂ 'ਤੇ ਉਤਰਦੇ ਹਨ ਤਾਂ ਉਨ੍ਹਾਂ ਨੂੰ ਪੁਲੀਸ ਦੀਆਂ ਲਾਠੀਆਂ ਨਾਲ ਕੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਨਹੀਂ, ਸੱਤਾ ਦਾ ਹੰਕਾਰ ਹੈ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਅਸਤੀਫ਼ਾ ਦੇਣ। ਜੰਤਰ-ਮੰਤਰ 'ਤੇ ਵਿਦਿਆਰਥੀਆਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰਵਾਉਣ ਵਾਲੇ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ 'ਤੇ ਦਰਜ ਸਾਰੇ ਮਾਮਲੇ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਵਾਪਸ ਲਏ ਜਾਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ।
ਸਚਿਨ ਗਾਲਵ ਨੇ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਦਾ ਅੰਦੋਲਨ ਹੈ। ਜਦੋਂ ਤੱਕ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਅਤੇ ਪ੍ਰਧਾਨ ਮੰਤਰੀ ਦੇਸ਼ ਦੇ ਨੌਜਵਾਨਾਂ ਤੋਂ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਕਾਂਗਰਸ ਦਾ ਸੰਘਰਸ਼ ਹੋਰ ਤੇਜ਼ ਹੁੰਦਾ ਜਾਵੇਗਾ।

