ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਮੁਹਾਲੀ ਦੀ ਡੀਸੀ ਈਸ਼ਾ ਕਾਲੀਆ ਨੇ ਅੱਜ ਮੀਡੀਆ ਨਾਲ ਪਲੇਠੀ ਮੁਲਾਕਾਤ ਦੌਰਾਨ ਕਿ ਇਸ ਸਬੰਧੀ ਬੀਡੀਪੀਓ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਅਦਾਲਤਾਂ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐੱਸਐੱਸਪੀ ਸਤਿੰਦਰ ਸਿੰਘ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਪੁਲੀਸ ਗਸ਼ਤ ਵਧਾਉਣ ਲਈ ਕਿਹਾ ਗਿਆ ਹੈ। ਡੀਸੀ ਨੇ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਹਰੇਕ ਨਾਗਰਿਕ ਦਾ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ।
ਦੂਜੇ ਪਾਸੇ ਡੀਸੀ ਨੇ ਪੁਲੀਸ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਜ਼ਿਲ੍ਹੇ ਵਿੱਚ ਝੋਨੇ ਦੀ ਤਸਕਰੀ ਰੋਕਣ ਲਈ 16 ਅੰਤਰਰਾਜੀ ਚੈੱਕ ਪੁਆਇੰਟਾਂ ’ਤੇ ਵਧੇਰੇ ਚੌਕਸੀ ਰੱਖਣ ਲਈ ਕਿਹਾ ਹੈ। ਅੱਜ ਸ਼ਾਮ ਪੁਲੀਸ, ਖ਼ੁਰਾਕ ਸਪਲਾਈ, ਖੇਤੀਬਾੜੀ ਅਤੇ ਹੋਰ ਸਹਿਯੋਗੀ ਵਿਭਾਗਾਂ ਨਾਲ ਮੀਟਿੰਗ ਦੌਰਾਨ ਡੀਸੀ ਨੇ ਕਿਹਾ ਕਿ ਰਾਈਸ ਸ਼ੈਲਰਾਂ ਦੀ ਸਖ਼ਤੀ ਨਾਲ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਝੋਨੇ ਦੀ ਰੀਸਾਈਕਲਿੰਗ ਦੇ ਖ਼ਤਰੇ ਨੂੰ ਰੋਕਿਆ ਕੀਤਾ ਜਾ ਸਕੇ। ਡੀਸੀ ਨੇ ਖੇਤੀਬਾੜੀ ਅਤੇ ਮੰਡੀ ਬੋਰਡ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਦੀ ਤਿਆਰੀ ਤੋਂ ਇਲਾਵਾ ਕਾਸ਼ਤਕਾਰਾਂ ਨੂੰ ਸਿੱਧੇ ਭੁਗਤਾਨ ਲਈ ਪੋਰਟਲ ’ਤੇ ਗਿਰਦਾਵਰੀਆਂ ਚੜ੍ਹਾਉਣ ਦੇ ਕੰਮ ਨੂੰ ਛੇਤੀ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਨਿਰਧਾਰਿਤ ਹਿੱਸੇਦਾਰੀ ਅਨੁਸਾਰ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਖ਼ਰੀਦ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ’ਤੇ ਜ਼ੋਰ ਦਿੱਤਾ।
ਚੇਅਰਪਰਸਨ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ
ਮੁਹਾਲੀ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਪਰਿਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ ਨੇ ਅੱਜ ਜ਼ਿਲ੍ਹੇ ਦੀ ਨਵ ਨਿਯੁਕਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨਾਲ ਮੁਲਾਕਾਤ ਕੀਤੀ ਅਤੇ ਸਨਮਾਨ ਵਜੋਂ ਗੁਲਦਸਤਾ ਵੀ ਭੇਟ ਕੀਤਾ। ਉਨ੍ਹਾਂ ਨੇ ਡੀਸੀ ਨੂੰ ਜ਼ਿਲ੍ਹਾ ਪਰਿਸ਼ਦ ਅਧੀਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵਿੱਚ ਤੇਜ਼ੀ ਲਿਆਉਣ ਲਈ ਸਹਿਯੋਗ ਦਾ ਭਰੋਸਾ ਦਿਵਾਇਆ।