ਆਤਿਸ਼ ਗੁਪਤਾ
ਚੰਡੀਗੜ੍ਹ, 2 ਸਤੰਬਰ
ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ’ਤੇ ਕਾਬੂ ਪਾਉਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ 12 ਭੀੜ-ਭਾੜ ਵਾਲੀਆਂ ਮਾਰਕੀਟਾਂ ਵਿੱਚ ਲਗਾਇਆ ਔਡ/ਈਵਨ ਫਾਰਮੂਲਾ ਖ਼ਤਮ ਕਰ ਦਿੱਤਾ ਗਿਆ ਹੈ। 4 ਸਤੰਬਰ ਤੋਂ ਇਹ ਮਾਰਕੀਟਾਂ ਪਹਿਲਾਂ ਦੀ ਤਰ੍ਹਾਂ ਖ਼ੁੱਲ੍ਹ ਸਕਣਗੀਆਂ। ਪਰ ਇਨ੍ਹਾਂ ਮਾਰਕੀਟਾਂ ਵਿੱਚ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਪਾਲਣਾ ਅਤੇ ਹਰ ਕਿਸੇ ਵੱਲੋਂ ਮਾਸਕ ਦੀ ਵਰਤੋਂ ਕਰਨ ਦੀ ਜ਼ਿੰਮੇਵਾਰੀ ਦੁਕਾਨਦਾਰ ਦੀ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਬੈਠਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ’ਚ ਇਹ ਨਿਯਮ ਲਾਗੂ ਕੀਤੇ ਜਾ ਰਹੇ ਹਨ।
ਯੂਟੀ ਪ੍ਰਸ਼ਾਸਨ ਨੇ ਸਾਢੇ 5 ਮਹੀਨੇ ਤੋਂ ਬੰਦ ਪਈ ਅੰਤਰ-ਰਾਜੀ ਬੱਸ ਸਰਵਿਸ ਵੀ ਜਲਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸੈਕਟਰ-17 ਬੱਸ ਅੱਡੇ ’ਤੇ ਸਥਿਤ ਸਬਜ਼ੀ ਮੰਡੀ ਨੂੰ ਵਾਪਸ ਸੈਕਟਰ-26 ਵਿੱਚ ਸ਼ਿਫ਼ਟ ਕਰਨ ਦੇ ਆਦੇਸ਼ ਦਿੱਤੇ ਹਨ।
ਚੰਡੀਗੜ੍ਹ ਵਿੱਚ ਮੌਤ ਦਰ ਨੂੰ ਘਟਾਉਣ ਲਈ ਗੰਭੀਰ ਮਰੀਜ਼ਾਂ ਦੀ ਦੇਖਭਾਲ ਕਰਨ ਵੱਲ ਯੂਟੀ ਦੇ ਪ੍ਰਸ਼ਾਸਕ ਨੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੰਟਰੋਲ ਰੂਮ ਵਿੱਚ ਵੱਖ-ਵੱਖ ਮਰੀਜ਼ਾਂ ਦੀਆਂ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਰੋਨਾਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਸ਼ਿਫ਼ਟ ਕਰਨ ਲਈ ਕਿਹਾ।
ਯੂਟੀ ਦੇ ਪ੍ਰਸ਼ਾਸਕ ਨੇ ਸ਼ਹਿਰ ਵਾਸੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਚੌਕਸ ਰਹਿਣ ਅਤੇ ਜੇਕਰ ਕਿਸੇ ਵੀ ਵਿਅਕਤੀ ਵਿੱਚ ਕਰੋਨਾਵਾਇਰਸ ’ਤੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਸਿਹਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਕਰੋਨਾ ਦੇ ਮਰੀਜ਼ਾਂ ਲਈ ਬੈੱਡਾਂ ਅਤੇ ਦਵਾਈਆਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸਕ ਨੇ ਐੱਸਡੀਐਮ ਨੂੰ ਵੀ ਆਪੋ-ਆਪਣੇ ਇਲਾਕੇ ਵਿੱਚ ਚੌਕਸ ਰਹਿਣ ਦੀ ਅਪੀਲ ਕੀਤੀ।
ਸ੍ਰੀ ਬਦਨੌਰ ਨੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛਤਾ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਈਈਸੀ ਗਤੀਵੀਧੀਆਂ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ। ਕੇ.ਕੇ. ਯਾਦਵ ਨੇ ਕਿਹਾ ਕਿ ਸ਼ਹਿਰ ਵਿੱਚ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਚਾਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 14,594 ਵਿਅਕਤੀਆਂ ਦੇ ਚਲਾਨ ਕੀਤੇ ਜਾ ਚੁੱਕੇ ਹਨ।
ਆਪਣੀ ਮੰਡੀ ’ਤੇ ਪਾਬੰਦੀ ਜਾਰੀ, ਆਰਗੈਨਿਕ ਮਾਰਕੀਟ ਨੂੰ ਪ੍ਰਵਾਨਗੀ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਪਸਾਰ ਦੇ ਚਲਦਿਆਂ ਸ਼ਹਿਰ ਵਿੱਚ ਆਪਣੀ ਮੰਡੀ ’ਤੇ ਪਾਬੰਦੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਜਦਕਿ ਨਗਰ ਵਨ (ਨੇੜੇ ਸੁਖਨਾ ਝੀਲ) ’ਤੇ ਆਰਗੇੈਨਿਕ ਮਾਰਕੀਟ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਲਈ ਪ੍ਰਸ਼ਾਸਕ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਮਾਰਕੀਟ ਵਿੱਚ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸੈਨੇਟਾਈਜ਼ੇਸ਼ਨ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਪੰਜਾਬ ’ਵਰਸਿਟੀ ਮੁਲਾਜ਼ਮਾਂ ਦਾ ਟਾਈਪਿੰਗ ਟੈਸਟ ਮੁਲਤਵੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੁਲਾਜ਼ਮਾਂ ਦੇ ਲਏ ਜਾਣ ਵਾਲੇ ਟਾਈਪਿੰਗ ਟੈਸਟ ’ਤੇ ਵੀ ਕਰੋਨਾਵਾਇਰਸ ਦੇ ਚਲਦਿਆਂ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ ਜਿਸ ਬਾਰੇ ਯੂਨੀਵਰਸਿਟੀ ਦੇ ਅਧਿਕਾਰੀ ਜਲਦ ਫ਼ੈਸਲਾ ਕਰਨਗੇ।
ਚੰਡੀਗੜ੍ਹ ਪੁਲੀਸ ਦੇ ਮੁੱਖ ਦਫ਼ਤਰ ਵਿੱਚ ਪਹੁੰਚਿਆ ਕਰੋਨਾ
ਚੰਡੀਗੜ੍ਹ (ਪੱਤਰ ਪੇ੍ਰਕ): ਕਰੋਨਾ ਵਾਇਰਸ ਨੇ ਚੰਡੀਗੜ੍ਹ ਪੁਲੀਸ ਦੇ ਮੁੱਖ ਦਫ਼ਤਰ ਵਿੱਚ ਵੀ ਦਸਤਕ ਦੇ ਦਿੱਤੀ ਹੈ ਜਿੱਥੇ ਕਿ ਪਬਲਿਕ ਵਿੰਡੋ ’ਤੇ ਤਾਇਨਾਤ ਨਰੇਸ਼ ਕੁਮਾਰ ਅਤੇ ਪਾਸਪੋਰਟ ਵਿੰਡੋ ਇੰਚਾਰਜ ਐਸ.ਆਈ. ਸੁਰੇਸ਼ ਕੁਮਾਰ ਦੀਆਂ ਰਿਪੋਰਟਾਂ ਕਰੋਨਾ ਪਾਜ਼ੇਟਿਵ ਆ ਗਈਆਂ ਹਨ। ਸਿਹਤ ਵਿਭਾਗ ਨੇ ਇਨ੍ਹਾਂ ਦੋਵੇਂ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਸੰਪਰਕਾਂ ਦੀ ਲਿਸਟਾਂ ਬਣਾਈਆਂ ਜਾ ਰਹੀਆਂ ਹਨ।