ਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲ
ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਤਤਕਾਲੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਦਾ ਤਰੀਕਾ ਦੱਸਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਉਸ ਸਮੇਂ ਦੀ ਹੈ ਜਦੋਂ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਸਨ। ਤਤਕਾਲੀ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਸੀ। ਤਤਕਾਲੀ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕਾਂ ਨੂੰ ਲੈਂਡ ਪੂਲਿੰਗ ਨੀਤੀ ਬਾਰੇ ਸਲਾਹ ਦਿੱਤੀ ਸੀ ਜੋ ਹੁਣ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਹੀ ਵਰਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਭਗਵੰਤ ਮਾਨ ਕਹਿ ਰਹੇ ਹਨ ਕਿ ਸਰਕਾਰ ਪੂੰਜੀਪਤੀਆਂ ਨੂੰ ਜ਼ਮੀਨ ਦੇਣ ਵਾਸਤੇ ਜਿੱਦ ’ਤੇ ਅੜੀ ਹੋਈ ਹੈ। ਲੋਕਤੰਤਰ ਦਾ ਧੁਰਾ ਹੁੰਦੀ ਹੈ ਪੰਚਾਇਤ। ਪੰਚਾਇਤ ਕੋਲ ਅਧਿਕਾਰ ਹੈ ਕਿ ਉਹ ਗ੍ਰਾਮ ਸਭਾ ਦੀ ਮੀਟਿੰਗ ਬੁਲਾ ਸਕਦੀ ਹੈ। ਸਰਪੰਚ ਚਾਹੇ ਤਾਂ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਸ਼ੇਸ਼ ਹਾਲਤਾਂ ਵਿੱਚ ਆਪਣੇ ਪਿੰਡ ਦੀ ਗ੍ਰਾਮ ਸਭਾ ਬੁਲਾ ਸਕਦਾ ਹੈ। ਗ੍ਰਾਮ ਸਭਾ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਤੱਕ ਵੀ ਕੋਈ ਚੁਣੌਤੀ ਨਹੀਂ ਦੇ ਸਕਦਾ। ਵੀਡੀਓ ਵਿੱਚ ਭਗਵੰਤ ਮਾਨ ਨੇ ਕਿਹਾ, ‘‘ਮੈਂ ਤੁਹਾਡੇ ਜ਼ਰੀਏ ਅੱਜ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਆਪੋ-ਆਪਣੇ ਪਿੰਡਾਂ ਵਿੱਚ ਪੰਚਾਇਤਾਂ ਨੂੰ ਕਹਿ ਕੇ, ਸਰਪੰਚਾਂ ਨੂੰ ਕਹਿ ਕੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਤੁਸੀਂ ਗ੍ਰਾਮ ਸਭਾ ਬੁਲਵਾਓ। ਗ੍ਰਾਮ ਸਭਾ ਦੇ ਵਿੱਚ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਕੇ ਬਹੁਮਤ ਦੇ ਨਾਲ ਮਤੇ ਪਾਸ ਕਰੋ।’’ ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ।